ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਗੁਰੂ ਨਾਨਕ ਕਾਲਜ ਵਿਖੇ ਵਿਸ਼ੇਸ਼ ਕੈਂਪ

ਮੋਗਾ, 11 ਮਾਰਚ, (ਚਰਨਜੀਤ ਸਿੰਘ)
ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ ਤੇ ਸਨਮਾਨ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਮੋਗਾ ਦੇ ਗੁਰੂ ਨਾਨਕ ਕਾਲਜ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਵਿੱਚ ਮਿਸ ਕਿਰਨ ਜਯੋਤੀ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਤੇ ਬਜੁਰਗਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਤੇ ਡਿਜੀਟਲ ਹੇਰਾਫੇਰੀ ਤੋਂ ਬਚਾਅ ਕਰਨ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਕੈਂਪ ਵਿੱਚ ਮਿਸ ਭਾਰਤੀ ਸੀ.ਐਮ. ਦੀ ਯੋਗਸ਼ਾਲਾ ਵੱਲੋਂ ਬਜੁਰਗਾਂ ਨੂੰ ਯੋਗ ਸਿਖਾਇਆ ਗਿਆ ਤੇ ਇਸ ਦੇ ਲਾਭ ਸਬੰਧੀ ਮਹੱਤਵਪੂਰਨ ਜਾਣਕਾਰੀ ਵੀ ਸਾਂਝੀ ਕੀਤੀ ਗਈ। ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਵੀ ਪੰਜਾਬੀ ਵਿਰਸੇ ਨਾਲ ਸਬੰਧਤ ਕਵਿਤਾਵਾਂ ਤੇ ਲੋਕ ਨਾਚ ਗਿੱਧਾ ਪੇਸ਼ ਕੀਤਾ ਗਿਆ। ਇਸ ਕੈਂਪ ਵਿੱਚ ਸਰੀਰਿਕ ਅਤੇ ਮਾਨਸਿਕ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਬਜੁਰਗਾਂ ਅਤੇ ਯੁਵਾ ਪੀੜੀ ਵਿੱਚ ਆ ਰਹੇ ਅੰਤਰ ਨੂੰ ਖਤਮ ਕਰਨ ਲਈ ਪੀੜੀਆਂ ਵਿਚਕਾਰ ਬੰਧਨ ਦੀਆਂ ਗਤੀਵਿਧੀਆਂ ਨੂੰ ਜਾਰੀ ਰੱਖਣ ਤੇ ਆਪਸੀ ਸਾਂਝ ਨੂੰ ਵਧਾਉਣ ਲਈ ਉਪਰਾਲੇ ਕਰਨ ਲਈ ਜਾਣਕਾਰੀ ਸਾਂਝੀ ਕੀਤੀ ਗਈ। ਬਜ਼ੁਰਗਾਂ ਦੀ ਸਹਾਇਤਾ ਲਈ ਟੋਲ ਫ੍ਰੀ ਹੈਲਪਲਾਈਨ 14567 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਵੱਲੋਂ ਕੈਂਪ ਵਿੱਚ ਬਜ਼ੁਰਗਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਰਕਾਰੀ ਸਹਾਇਤਾ ਪ੍ਰਣਾਲੀ ਨਾਲ ਜੋੜਨ ਉੱਤੇ ਵਿਸ਼ੇਸ਼ ਜ਼ੋਰ ਦਿੱਤਾ। ਉਹਨਾਂ ਕਿਹਾ ਕਿ ਸਰਕਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸ਼ਾਸ਼ਨ ਦੀ ਮੱਦਦ ਨਾਲ ਭਵਿੱਖ ਵਿੱਚ ਵੀ ਅਜਿਹੇ ਕੈਂਪ ਜਾਰੀ ਰਹਿਣਗੇ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਦਫਤਰੀ ਸਟਾਫ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਮੋਗਾ -1, ਸੀਨੀਅਰ ਸਿਟੀਜਨ ਐਸੋਸੀਏਸ਼ਨ ਦੇ ਪ੍ਰਧਾਨ ਸਰਦਾਰੀ ਲਾਲ ਅਤੇ ਉਹਨਾਂ ਦੀ ਟੀਮ ਮੈਂਬਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ।




