( ਚਰਨਜੀਤ ਸਿੰਘ )
ਧਰਮਕੋਟ ਵਿਖੇ ਸਥਿਤ ਵਿਸ਼ਵਕਰਮਾ ਭਵਨ ਵਿਖੇ ਸ੍ਰਿਸ਼ਟੀ ਦੇ ਰਚੇਤਾ ਅਤੇ ਕਿਰਤੀਆਂ ਦੇ ਮਸੀਹਾ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕਰਕੇ ਬਾਬਾ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਲਾਡੀ ਢੋਸ, ਸਾਬਕਾ ਵਿਧਾਇਕ ਕਾਕਾ ਲੋਹਗੜ੍ਹ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗੁਰਮੇਲ ਸਿੰਘ, ਚੇਅਰਮੈਨ ਗੁਰਤਾਜ ਸਿੰਘ ਅਤੇ ਮਹੰਤ ਸ਼ਿਵ ਰਾਓ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਤੋਂ ਇਲਾਵਾ ਬਾਬਾ ਜੋਰਾ ਸਿੰਘ ਜੀ ਆਪਣੇ ਕੀਰਤਨੀ ਜਥੇ ਸਮੇਤ ਸਮਾਗਮ ਵਿੱਚ ਸ਼ਾਮਲ ਹੋਏ ਅਤੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।ਇਸ ਦੌਰਾਨ ਬਾਬਾ ਵਿਸ਼ਵਕਰਮਾ ਸਭਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਸਮਾਗਮ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਸਾਧ ਸੰਗਤ ਨੇ ਵੀ ਪੂਰੀ ਸ਼ਰਧਾ ਨਾਲ ਸੇਵਾ ਨਿਭਾਈ। ਸਮਾਗਮ ਦੌਰਾਨ ਸੰਗਤ ਲਈ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਬਾਬਾ ਵਿਸ਼ਵਕਰਮਾ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਦਿਆਂ ਕਿਰਤ ਦੀ ਮਹੱਤਤਾ, ਮਿਹਨਤ, ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਦੇਸ਼ ਦਿੱਤਾ ਗਿਆ। ਸਮੁੱਚਾ ਸਮਾਗਮ ਧਾਰਮਿਕ ਮਾਹੌਲ ਅਤੇ ਸ਼ਰਧਾ ਭਾਵਨਾ ਨਾਲ ਸੰਪੰਨ ਹੋਇਆ।


