( ਚਰਨਜੀਤ ਸਿੰਘ )
ਮੋਗਾ, 16 ਨਵੰਬਰ: ਜਨਗਣਨਾ-2027 ਸਬੰਧੀ ਆਮ ਲੋਕਾਂ ਦੀ ਸਹੂਲਤ ਅਤੇ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਸਵੈ-ਗਣਨਾ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਤਹਿਤ 16 ਨਵੰਬਰ ਤੋਂ 30 ਨਵੰਬਰ ਤੱਕ ਜ਼ਿਲ੍ਹਾ ਵਾਸੀ ਘਰ ਬੈਠੇ ਆਨਲਾਈਨ ਮਾਧਿਅਮ ਰਾਹੀਂ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਖੁਦ ਦਰਜ ਕਰਵਾ ਸਕਣਗੇ।
ਇਸ ਸਬੰਧੀ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਸਵੈ-ਗਣਨਾ ਦੀ ਸਹੂਲਤ ਜਨਗਣਨਾ ਪ੍ਰਕਿਰਿਆ ਨੂੰ ਹੋਰ ਸੁਖਾਲਾ, ਪਾਰਦਰਸ਼ੀ ਅਤੇ ਲੋਕ ਪੱਖੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਰਾਹੀਂ ਲੋਕ ਆਪਣੀ ਸਹੂਲਤ ਅਨੁਸਾਰ ਘਰ ਬੈਠੇ ਹੀ ਆਨਲਾਈਨ ਜਾਣਕਾਰੀ ਭਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬੱਚਤ ਹੋਵੇਗੀ ਅਤੇ ਜਨਗਣਨਾ ਦੇ ਕੰਮ ਵਿੱਚ ਲੋਕਾਂ ਦੀ ਸਿੱਧੀ ਭਾਗੀਦਾਰੀ ਵੀ ਵਧੇਗੀ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 16 ਤੋਂ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਘਰ ਤੇ ਪਰਿਵਾਰ ਸਬੰਧੀ ਜਾਣਕਾਰੀ ਸਹੀ ਅਤੇ ਤੱਥਾਂ ਦੇ ਆਧਾਰ ‘ਤੇ ਦਰਜ ਕਰਨ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ, ਸਰਕਾਰੀ ਨੀਤੀਆਂ ਅਤੇ ਲੋਕ ਭਲਾਈ ਦੇ ਪ੍ਰੋਗਰਾਮ ਉਲੀਕਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਪ੍ਰਕਿਰਿਆ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹੇ ਵਿੱਚ ਵਿਸ਼ੇਸ਼ ਜਾਗਰੂਕਤਾ ਉਪਰਾਲੇ ਵੀ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਸਮੇਤ ਪਬਲਿਕ ਡੀਲਿੰਗ ਵਾਲੇ ਵੱਖ-ਵੱਖ ਵਿਭਾਗਾਂ ਵਿੱਚ ਜਾਗਰੂਕਤਾ ਸਟੈਂਡੀਆ ਲਗਾਈਆਂ ਗਈਆਂ ਹਨ, ਤਾਂ ਜੋ ਸਰਕਾਰੀ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਸਵੈ-ਗਣਨਾ ਦੀ ਪ੍ਰਕਿਰਿਆ ਅਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਮਿਲ ਸਕੇ।
ਉਹਨਾਂ ਕਿਹਾ ਕਿ ਲੋਕ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਭਾਰਤ ਸਰਕਾਰ ਦੇ ਜਨਗਣਨਾ ਪੋਰਟਲ **https://se.census.gov.in** ’ਤੇ ਜਾ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਇਸ ਦੌਰਾਨ ਪਰਿਵਾਰ ਮੁਖੀ ਦਾ ਨਾਮ, ਮੋਬਾਈਲ ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਦਰਜ ਕਰਕੇ ਓ.ਟੀ.ਪੀ. ਰਾਹੀਂ ਤਸਦੀਕ ਕੀਤੀ ਜਾ ਸਕਦੀ ਹੈ। ਫਾਰਮ ਸਫਲਤਾਪੂਰਵਕ ਜਮ੍ਹਾਂ ਹੋਣ ਉਪਰੰਤ ਮਿਲਣ ਵਾਲੀ ਸੈਲਫ਼ ਐਨੂਮਰੇਸ਼ਨ ਆਈ.ਡੀ. (SE ID) ਸੰਭਾਲ ਕੇ ਰੱਖਣੀ ਲਾਜ਼ਮੀ ਹੈ, ਜੋ ਬਾਅਦ ਵਿੱਚ ਜਨਗਣਨਾ ਕਰਮਚਾਰੀ ਨੂੰ ਦਿਖਾਉਣੀ ਹੋਵੇਗੀ।
ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਅਤੇ ਸੂਬੇ ਦੇ ਭਵਿੱਖੀ ਵਿਕਾਸ ਦੀ ਯੋਜਨਾਬੰਦੀ ਦਾ ਮਹੱਤਵਪੂਰਨ ਆਧਾਰ ਹੈ। ਇਸ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਮੁਹਿੰਮ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ।


