( ਚਰਨਜੀਤ ਸਿੰਘ )
ਜਨਗਣਨਾ-2027 ਦੀ ਪ੍ਰਕਿਰਿਆ ਨੂੰ ਸੁਚਾਰੂ, ਸੌਖਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਵਾਲਾ ਬਣਾਉਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਖ਼ੁਦ ਆਪਣੀ ਸਵੈ-ਗਣਨਾ (Self Enumeration) ਦੀ ਪ੍ਰਕਿਰਿਆ ਪੂਰੀ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦਿੱਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਵਿਕਾਸ ਯੋਜਨਾਬੰਦੀ ਦਾ ਇੱਕ ਮਹੱਤਵਪੂਰਨ ਆਧਾਰ ਹੈ। ਜਨਗਣਨਾ ਰਾਹੀਂ ਇਕੱਤਰ ਕੀਤੇ ਜਾਣ ਵਾਲੇ ਅੰਕੜੇ ਸਰਕਾਰ ਨੂੰ ਲੋਕਾਂ ਦੀਆਂ ਲੋੜਾਂ, ਉਨ੍ਹਾਂ ਦੀ ਸਮਾਜਿਕ ਅਤੇ ਆਰਥਿਕ ਸਥਿਤੀ ਅਤੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀਆਂ ਜ਼ਰੂਰਤਾਂ ਨੂੰ ਸਮਝਣ ਵਿੱਚ ਮਦਦ ਕਰਦੇ ਹਨ। ਇਸ ਲਈ ਹਰੇਕ ਨਾਗਰਿਕ ਦੀ ਸਹੀ ਅਤੇ ਪੂਰੀ ਜਾਣਕਾਰੀ ਦੇਸ਼ ਦੇ ਭਵਿੱਖੀ ਵਿਕਾਸ ਲਈ ਅਹਿਮ ਹੈ।
ਉਨ੍ਹਾਂ ਦੱਸਿਆ ਕਿ ਜਨਗਣਨਾ-2027 ਤਹਿਤ 16 ਨਵੰਬਰ ਤੋਂ 30 ਨਵੰਬਰ, 2026 ਤੱਕ ਸਵੈ-ਗਣਨਾ ਦੀ ਆਨਲਾਈਨ ਸਹੂਲਤ ਉਪਲਬਧ ਕਰਵਾਈ ਗਈ ਹੈ। ਇਸ ਸਹੂਲਤ ਰਾਹੀਂ ਲੋਕ ਘਰ ਬੈਠੇ ਹੀ ਆਪਣੇ ਘਰ ਅਤੇ ਪਰਿਵਾਰ ਨਾਲ ਸਬੰਧਤ ਲੋੜੀਂਦੀ ਜਾਣਕਾਰੀ ਆਨਲਾਈਨ ਦਰਜ ਕਰਵਾ ਸਕਦੇ ਹਨ। ਇਸ ਨਾਲ ਲੋਕ ਆਪਣੀ ਸਹੂਲਤ ਅਨੁਸਾਰ ਵੇਰਵੇ ਭਰ ਸਕਣਗੇ ਅਤੇ ਜਨਗਣਨਾ ਦੀ ਪ੍ਰਕਿਰਿਆ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾ ਸਕਣਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 30 ਨਵੰਬਰ ਤੱਕ ਸਵੈ-ਗਣਨਾ ਦੀ ਸਹੂਲਤ ਦਾ ਲਾਭ ਜ਼ਰੂਰ ਲੈਣ ਅਤੇ ਆਪਣੇ ਪਰਿਵਾਰ, ਘਰ ਅਤੇ ਹੋਰ ਸਬੰਧਤ ਵੇਰਵੇ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਉਨ੍ਹਾਂ ਕਿਹਾ ਕਿ ਹਰ ਪਰਿਵਾਰ ਵੱਲੋਂ ਇਸ ਪ੍ਰਕਿਰਿਆ ਵਿੱਚ ਭਾਗ ਲੈਣਾ ਜਨਗਣਨਾ ਨੂੰ ਸਫ਼ਲ ਬਣਾਉਣ ਵਿੱਚ ਅਹਿਮ ਯੋਗਦਾਨ ਪਾਵੇਗਾ।
ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਤਿਆਰ ਕਰਨ ਦਾ ਇੱਕ ਮਹੱਤਵਪੂਰਨ ਸਾਧਨ ਹੈ। ਇਸ ਲਈ ਜ਼ਿਲ੍ਹੇ ਦੇ ਹਰੇਕ ਨਾਗਰਿਕ ਨੂੰ ਇਸ ਰਾਸ਼ਟਰੀ ਕਾਰਜ ਵਿੱਚ ਆਪਣੀ ਜ਼ਿੰਮੇਵਾਰੀ ਸਮਝਦਿਆਂ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਫੋਟੋ ਕੈਪਸ਼ਨ- ਡਿਪਟੀ ਕਮਿਸ਼ਨਰ ਸਾਗਰ ਸੇਤੀਆ ਆਪਣੇ ਦਫਤਰ ਵਿੱਚ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਪ੍ਰਕਿਰਿਆ ਨੂੰ ਆਨਲਾਈਨ ਕਰਦੇ ਹੋਏ।

