ਸਿੱਖਿਆਤਾਜ਼ਾ ਖਬਰਾਂਤਾਜਾ ਖਬਰਾਂ
ਪੈਨ ਇੰਡੀਆ ਮੁਹਿੰਮ ਤਹਿਤ 168 ਸਕੂਲਾਂ ਵਿੱਚ 500 ਤੋਂ ਵਧੇਰੇ ਪੌਦੇ ਲਗਾ ਕੇ ਮਨਾਇਆ ਸੰਯੁਕਤ ਰਾਸ਼ਟਰ ਦਿਵਸ
ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵਿੱਚ ਬੱਚਿਆਂ ਨੇ ਲਿਆ ਕਾਨੂੰਨੀ ਜਾਗਰੂਕਤਾ ਫੈਲਾਉਣ ਦਾ ਪ੍ਰਣ-ਅਮਰੀਸ਼ ਕੁਮਾਰ

ਮੋਗਾ, 25 ਅਕਤੂਬਰ(Charanjit Singh)ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਭਾਰਤ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਲੋਕ ਅਦਾਲਤਾਂ ਸਬੰਧੀ ਜਾਗਰੂਕ ਕਰਨ ਲਈ ਮਿਤੀ 02 ਅਕਤੂਬਰ ਤੋਂ 14 ਨਵੰਬਰ ਤੱਕ ਵੱਖ-2 ਤਰੀਕੇ ਨਾਲ ਜ਼ਿਲ੍ਹੇ ਦੇ ਵੱਖ-2 ਪਿੰਡਾਂ, ਸਕੂਲਾਂ ਅਤੇ ਮੋਗਾ ਸ਼ਹਿਰ ਵਿੱਚ ਕਾਨੂੰਨੀ ਜਾਗਰੂਕਤਾ ਕੈਂਪ ਅਤੇ ਵੈਬੀਨਾਰ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਅਮਰੀਸ਼ ਕੁਮਾਰ ਜੀ ਨੇ ਦੱਸਿਆ ਕਿ ਇਸ ਕੰਪੇਨ ਦੇ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੁਆਰਾ ਜ਼ਿਲ੍ਹਾ ਸਿੱਖਿਆ ਵਿਭਾਗ ਮੋਗਾ ਦੇ ਸਹਿਯੋਗ ਦੁਆਰਾ ਜ਼ਿਲ੍ਹੇ ਦੇ 168 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਲੀਗਲ ਲਿਟਰੇਸੀ ਕਲੱਬਾਂ ਵਿੱਚ ਜਾਗਰੂਕਤਾ ਸੈਮੀਨਾਰਾਂ ਦਾ ਆਯੋਜਨ ਕਰਕੇ ਅਤੇ ਇਨ੍ਹਾਂ ਸਕੂਲਾਂ ਵਿੱਚ 500 ਤੋਂ ਵਧੇਰੇ ਪੌਦੇ ਲਗਾ ਕੇ ਸੰਯੁਕਤ ਰਾਸ਼ਟਰ ਦਿਵਸ ਮਨਾਇਆ ਗਿਆ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕਲੱਬਾਂ ਦਾ ਕੰਮ ਬੱਚਿਆਂ ਨੂੰ ਕਾਨੂੰਨੀ ਜਾਣਕਾਰੀ ਦੇਣਾ ਹੈ। ਇਨ੍ਹਾਂ ਕਲੱਬਾਂ ਤਹਿਤ ਬੱਚਿਆਂ ਨੂੰ ਸੋਸ਼ਨ ਸਮੱਸਿਆਵਾਂ ਪ੍ਰਤੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਕੋਈ ਵੀ ਬੱਚਾ ਇਨ੍ਹਾਂ ਸਮੱਸਿਆਵਾਂ ਨਾਲ ਟਾਕਰਾ ਕਰਕੇ ਇਨ੍ਹਾਂ ਤੋਂ ਬਚਿਆ ਰਹੇ ਅਤੇ ਉਸਨੂੰ ਕਾਨੂੰਨ ਦੀ ਹਰ ਤਰ੍ਹਾਂ ਦੀ ਜਾਣਕਾਰੀ ਹੋਵੇ।
ਉਨ੍ਹਾਂ ਦੱਸਿਆ ਕਿ ਉਕਤ ਲੀਗਲ ਲਿਟਰੇਸੀ ਕਲੱਬਾਂ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ, ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿੱਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।
ਸ੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਸੰਯੁਕਤ ਰਾਸ਼ਟਰ ਦਿਵਸ ਮੌਕੇ ਸਾਰੇ ਲੀਗਲ ਲਿਟਰੇਸੀ ਕਲੱਬਾਂ ਦੇ ਇੰਚਾਰਜਾਂ ਦੁਆਰਾ ਬੱਚਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਟੋਲ ਫ਼ਰੀ ਨੰਬਰ 1968 ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਕਿਹਾ ਤਾਂ ਜੋ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਲੋਕਾਂ ਨੂੰ ਸਸਤਾ ਅਤੇ ਛੇਤੀ ਇਨਸਾਫ਼ ਮਿਲ ਸਕੇ।




