
ਮੋਗਾ, 15 ਅਗਸਤ ( ਚਰਨਜੀਤ ਸਿੰਘ
) – ” ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਅਤੇ ਰਿਸ਼ਟ ਪੁਸ਼ਟ ਰੱਖਣ ਲਈ ‘ਮਿਸ਼ਨ ਤੰਦਰੁਸਤ ਪੰਜਾਬ’ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਨੂੰ ਲਗਾਤਾਰ ਸਫ਼ਲਤਾ ਮਿਲ ਰਹੀ ਹੈ। ਇਸ ਕਵਾਇਦ ਨੂੰ ਅੱਗੇ ਲਿਜਾਣ ਲਈ ਹੀ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਵੀ ਉਪਰਾਲੇ ਜਾਰੀ ਰੱਖੇ ਜਾ ਰਹੇ ਹਨ। ” ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਆਪਣੇ ਕੈਂਪ ਦਫ਼ਤਰ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਇੱਕ ਜਾਗਰੂਕਤਾ ਵੈਨ ਨੂੰ ਰਵਾਨਾ ਕਰਨ ਮੌਕੇ ਕੀਤਾ।
ਇਸ ਮੌਕੇ ਸੰਖੇਪ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਹੰਸ ਨੇ ਕਿਹਾ ਕਿ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਭਾਰਤ ਸਰਕਾਰ ਦੇ ਮੰਤਰਾਲੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਅਤੇ ਰਾਜ ਸਰਕਾਰਾਂ ਦੇ ਸਾਂਝੇ ਐਕਸ਼ਨ ਪਲਾਨ ਤਹਿਤ 272 ਅਜਿਹੇ ਜ਼ਿਲ੍ਹਿਆਂ ਵਿੱਚ ਲਾਗੂ ਕੀਤਾ ਗਿਆ ਸੀ ਜਿੱਥੇ ਨਸ਼ੇ ਦੀ ਵਰਤੋਂ ਜਿਆਦਾ ਕੀਤੀ ਜਾਂਦੀ ਹੈ।
ਇਸ ਐਕਸ਼ਨ ਪਲਾਨ ਤਹਿਤ ਸਾਂਝੇ ਉਪਰਾਲੇ ਕਰਦੇ ਹੋਏ ਸਮਾਜਿਕ ਸੁਰੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਾਂਝੇ ਸਹਿਯੋਗ ਨਾਲ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਵਿੱਚ ਮੁੱਖ ਤੌਰ ਉੱਤੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਜਨੇਰ ਵੱਲੋਂ ਵੱਖ-ਵੱਖ ਸਕੂਲਾਂ ਵਿੱਚ ਪੇਸ਼ਕਾਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲਿਸ ਅਤੇ ਸਿਹਤ ਵਿਭਾਗ ਵੱਲੋਂ ਵੀ ਲੋਕਾਂ ਨੂੰ ਇਸ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ ਅਤੇ ਨਸ਼ਿਆਂ ਤੋਂ ਗੁਰੇਜ਼ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਹੰਸ ਨੇ ਦੱਸਿਆ ਇਹ ਜਾਗਰੂਕਤਾ ਵੈਨ ਸ਼ਹਿਰ ਮੋਗਾ ਅਤੇ ਹੋਰ ਇਲਾਕਿਆਂ ਵਿੱਚ ਜਾਗਰੂਕਤਾ ਫੈਲਾਏਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਗਾ ਦੇ ਐੱਸ. ਡੀ. ਐੱਮ. ਸ੍ਰ. ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਸ੍ਰ. ਗੁਰਬੀਰ ਸਿੰਘ ਕੋਹਲੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਿਸ ਰਾਜਕਿਰਨ ਕੌਰ, ਸਟੈਨੋ ਮਨਜੀਤ ਸਿੰਘ ਅਤੇ ਗੁਰਭੇਜ ਸਿੰਘ ਅਤੇ ਹੋਰ ਹਾਜ਼ਰ ਸਨ।




