ਸਿੱਖਿਆਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਰਾਜਵਪਾਰ
ਜ਼ਿਲ੍ਹਾ ਪੱਧਰੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ ਸਫ਼ਲਤਾ ਪੂਰਵਕ ਸੰਪੰਨ
ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਲਾਭਪਾਤਰੀਆਂ ਤੋਂ ਪ੍ਰਾਪਤ ਕੀਤੀਆਂ 194 ਅਰਜੀਆਂ-ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ

ਬਾਘਾਪੁਰਾਣਾ, 23 ਨਵੰਬਰ (Charanjit Singh)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ’ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰੀਸ਼ਦ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਵੱਡੇ ਪੱਧਰ ‘ਤੇ ਲਗਾਤਾਰ ਜਾਰੀ ਹੈ। ਇਸੇ ਸੰਬੰਧੀ ਜ਼ਿਲ੍ਹਾ ਪੱਧਰੀ ਕੈਂਪ ਦਾ ਆਯੋਜਨ ਅੱਜ ਮਿਤੀ 23 ਨਵੰਬਰ ਨੂੰ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਬਾਘਾਪੁਰਾਣਾ ਵਿਖੇ ਕੀਤਾ ਗਿਆ।
ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦੱਸਿਆ ਕਿ ਇਸ ਕੈਂਪ ਵਿੱਚ ਭਲਾਈ ਵਿਭਾਗ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਿਟਡ, ਕਿਰਤ ਵਿਭਾਗ, ਸਨਅਤਾਂ ਵਿਭਾਗ, ਲੀਡ ਬੈਂਕ, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਰੋਜ਼ਗਾਰ ਉਤਪਤੀ ਅਤੇ ਸਿਖ਼ਲਾਈ ਵਿਭਾਗ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਕੂਲ ਸਿੱਖਿਆ ਵਿਭਾਗ, ਕਾਨੂੰਨ ਅਤੇ ਵਿਧਾਨਕ ਮਾਮਲੇ ਵਿਭਾਗਾਂ ਸਮੇਤ ਹੋਰ ਕਈ ਵਿਭਾਗਾਂ ਵੱਲੋਂ ਯੋਗ ਲਾਭਪਾਤਰੀਆਂ ਦੀ ਸ਼ਨਾਖ਼ਤ ਕਰਕੇ ਮੌਕੇ ‘ਤੇ ਫਾਰਮ ਆਦਿ ਭਰਵਾਏ ਗਏ।
ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਿਰਕਤ ਕੀਤੀ। ਵੱਖ ਵੱਖ ਲਾਭਪਾਤਰੀਆਂ ਤੋਂ 194 ਅਰਜੀਆਂ ਪ੍ਰਾਪਤ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਇਨ੍ਹਾਂ ਅਰਜੀਆਂ ਤੇ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇਗੀ ਅਤੇ ਯੋਗ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬਣਦੇ ਲਾਭ ਪਹੁੰਚਾਏ ਜਾਣਗੇ।
ਇਸ ਯੋਜਨਾ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਉਹਨਾਂ ਲੋਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ਕਾਰਨ ਦੇ ਚੱਲਦਿਆਂ ਸਰਕਾਰੀ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਂਝੇ ਹਨ। ਯੋਗ ਵਿਅਕਤੀਆਂ ਨੂੰ ਯੋਜਨਾਵਾਂ ਦਾ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਨੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੀ ਸ਼ੁਰੂਆਤ ਕੀਤੀ ਹੈ। ਇਸ ਯੋਜਨਾ ਤਹਿਤ ਜਿੱਥੇ ਪੰਜਾਬ ਸਰਕਾਰ ਅਜਿਹੇ ਅਣਗੌਲੇ ਯੋਗ ਵਿਅਕਤੀਆਂ/ਪਰਿਵਾਰਾਂ ਦੀ ਖੁਦ ਭਾਲ ਕਰਦੀ ਹੈ, ਉਥੇ 30 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਨੂੰ ਸੰਬੰਧਤ ਯੋਜਨਾ ਅਧੀਨ ਬਣਦਾ ਲਾਭ ਦੇਣ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ।ਯੋਜਨਾ ਤਹਿਤ ਪਿੰਡ ਪੱਧਰ ‘ਤੇ ਗਠਿਤ ਕੀਤੀਆਂ ਕਮੇਟੀਆਂ ਪਿੰਡ ਵਿੱਚ ਰਹਿਣ ਵਾਲੇ ਹਰੇਕ ਵਿਅਕਤੀ/ਪਰਿਵਾਰ ਦਾ ਸਰਵੇ ਕਰਦੀਆਂ ਹਨ, ਜਿਸ ਦੌਰਾਨ ਦੇਖਿਆ ਜਾਂਦਾ ਹੈ ਕਿ ਪੰਜਾਬ ਜਾਂ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਹਿੱਤ ਯੋਜਨਾਵਾਂ ਤੋਂ ਕੋਈ ਵੀ ਵਾਂਝਾ ਤਾਂ ਨਹੀਂ ਹੈ।



