ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਪੰਜਵੀਂ/ਅੱਠਵੀਂ/ਦਸਵੀਂ/ਬਾਰਵ੍ਹੀਂ ਦੀ ਪ੍ਰੀਖਿਆ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਲਗਾਈ ਧਾਰਾ 144
ਹੁਕਮ 22 ਦਸੰਬਰ ਤੱਕ ਰਹਿਣਗੇ ਲਾਗੂ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 13 ਦਸੰਬਰ(Charanjit Singh)ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀ, ਅੱਠਵੀ, ਦਸਵੀਂ ਅਤੇ ਬਾਰਵੀਂ ਸ਼੍ਰੇਣੀ (ਟਰਮ-1) ਦੀ ਪ੍ਰੀਖਿਆ ਮਿਤੀ 13 ਦਸੰਬਰ, 2021 ਤੋਂ 22 ਦਸੰਬਰ, 2021 ਤੱਕ ਸਵੇਰੇ-ਸ਼ਾਮ ਦੇ ਸੈਸ਼ਨ ਵਿੱਚ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਕੋਵਿਡ-19 ਮਹਾਂਮਾਰੀ ਕਾਰਨ ਥਰਮਲ ਸਕੈਨਿੰਗ, ਸਮਾਜਿਕ ਦੂਰੀ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆ ਕੇਂਦਰਾਂ ਵਿੱਚ ਪ੍ਰੀਖਿਆਰਥੀ ਬਿਠਾਏ ਜਾਣਗੇ। ਸੈਨੇਟਾਈਜੇਸ਼ਨ ਲਈ ਪ੍ਰੀਖਿਆ ਕੇਂਦਰਾਂ ਨੂੰ ਜਰੂਰੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕਰੋਨਾ ਵਾਇਰਸ ਤੋਂ ਬਚਣ ਲਈ ਹਰ ਅਹਿਤਿਆਤ ਵਰਤਣ ਦੀ ਹਰ ਸੰਭਵ ਕੋਸਸ਼ਿ ਕੀਤੀ ਗਈ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਸੁਰੱਖਿਆ ਬਣਾਉਣ ਦੀ ਲੋੜ ਮਹਿਸੂਸ ਕੀਤੀ ਗਈ ਹੈ ਤਾਂ ਜੋ ਪ੍ਰੀਖਿਆ ਕੇਂਦਰਾਂ ਦੇ ਨੇੜੇ ਵਿਦਿਆਰਥੀਆਂ ਦੇ ਮਾਤਾ-ਪਿਤਾ/ਰਿਸ਼ਤੇਦਾਰ/ਮਿੱਤਰ ਆਦਿ ਇਕੱਠੇ ਨਾ ਹੋ ਸਕਣ। ਕਿਸੇ ਵੀ ਕਿਸਮ ਦੀ ਅਣਸੁਖਾਵੀ ਘਟਨਾ ਨਾ ਵਾਪਰੇ, ਪ੍ਰੀਖਿਆਵਾਂ ਦੀ ਪਵਿੱਤਰਤਾ ਭੰਗ ਨਾ ਹੋਵੇ ਅਤੇ ਅਮਨ ਕਾਨੂੰਨ ਦੀ ਸਥਿਤੀ ਕਾਇਮ ਰਹੇ।
ਉਨ੍ਹਾਂ ਕਿਹਾ ਕਿ ਉਪਰੋਕਤ ਨੂੰ ਧਿਆਨ ਵਿੱਚ ਰੱਖਦਿਆਂ ਧਾਰਾ 144 ਸੀ.ਆਰ.ਪੀ.ਸੀ. ਤਹਿਤ ਮਿਲੇ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਸਥਾਪਿਤ ਕੀਤੇ ਸਾਰੇ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ਼ ‘ਤੇ ਲਾਗੂ ਨਹੀਂ ਹੋਵੇਗੀ ਅਤੇ ਨਾ ਹੀ ਉਨਾਂ ਵਿਦਿਆਰਥੀਆਂ ਤੇ ਲਾਗੂ ਹੋਵੇਗੀ, ਜਿੰਨ੍ਹਾਂ ਦਾ ਪ੍ਰੀਖਿਆ ਸੈਂਟਰ ਇਨ੍ਹਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ। ਇਹ ਹੁਕਮ 13 ਦਸੰਬਰ ਤੋਂ 22 ਦਸੰਬਰ, 2021 ਤੱਕ ਲਾਗੂ ਰਹਿਣਗੇ।




