ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਜਾਰੀ
ਹੁਕਮ 31 ਜਨਵਰੀ, 2022 ਤੱਕ ਰਹਿਣਗੇ ਲਾਗੂ

ਮੋਗਾ, 27 ਦਸੰਬਰ(Charanjit Singh)ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਮੋਗਾ ਜ਼ਿਲ੍ਹਾ ਦੇ ਪਿੰਡਾਂ ਵਿੱਚ ਚੋਰੀਆਂ ਅਤੇ ਹੋਰ ਭੰਨਤੋੜ ਦੀਆਂ ਕਾਰਵਾਈਆਂ ਕਰਨ ਦਾ ਅੰਦੇਸ਼ਾ ਹੈ। ਜਿੰਨ੍ਹਾਂ ਨਾਲ ਲੋਕਾਂ ਦੇ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਤੇ ਠੇਸ ਲੱਗਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ। ਇਸ ਤੋਂ ਇਲਾਵਾ ਰਾਜ ਵਿੱਚ ਧਾਰਮਿਕ ਸਥਾਨਾਂ ‘ਤੇ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਵੀ ਕਾਰਵਾਈ ਕਰਨ ਦੀ ਜ਼ਰੂਰਤ ਹੈ।ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਹਰਚਰਨ ਸਿੰਘ ਨੇ ਦੱਸਿਆ ਕਿ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਲੋੜ ਹੈ। ਇਸ ਲਈ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ.2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਠੀਕਰੀ ਪਹਿਰਾ ਲਗਵਾਉਣ ਲਈ ਪਿੰਡਾਂ ਵਿੱਚ ਪਿੰਡ ਦਾ ਸਰਪੰਚ ਅਤੇ ਸ਼ਹਿਰੀ ਇਲਾਕੇ ਵਿੱਚ ਆਪਣੇ-ਆਪਣੇ ਵਾਰਡ ਦਾ ਮਿਊਂਸਪਲ ਕੌਂਸਲਰ ਜਿੰਮੇਵਾਰ ਹੋਵੇਗਾ ਅਤੇ ਇਹ ਹੁਕਮ 31 ਜਨਵਰੀ, 2022 ਤੱਕ ਲਾਗੂ ਰਹੇਗਾ।



