ਅਧਿਕਾਰੀਆਂ/ਕ੍ਰਮਚਾਰੀਆਂ ਵੱਲੋਂ ਨਵੇਂ ਸਾਲ ਦੀ ਆਰੰਭਤਾ ‘ਤੇ ਸੁਖਮਨੀ ਸਾਹਿਬ ਦੇ ਪਾਠਾਂ ਦੇ ਪਾਏ ਭੋਗ
ਨਵੇਂ ਸਾਲ 'ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ

ਮੋਗਾ 7 ਜਨਵਰੀ ( Charanjit Singh ) ਨਵਾਂ ਸਾਲ-2022 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਦੇ ਅੰਬੇਦਕਰ ਭਵਨ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਦੇ ਪਹਿਲੇ ਹਫ਼ਤੇ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕ੍ਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ।
ਸ੍ਰੀ ਹਰੀਸ਼ ਨਈਅਰ ਨੇ ਅੱਗੇ ਕਿਹਾ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ 2022 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ।
ਬਾਅਦ ਵਿੱਚ ਚਾਹ ਦਾ ਲੰਗਰ ਅਤੁੱਟ ਵਰਤਾਇਆ ਗਿਆ।





