
—
ਮੋਗਾ, 18 ਅਗਸਤ: ( ਚਰਨਜੀਤ ਸਿੰਘ ) ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ, ਇੰਜ: ਮੋਹਨ ਲਾਲ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵਲੋ ਆਜਾਦੀ ਦਿਵਸ ਮੌਕੇ ਕਾਰਪੋਰੇਸ਼ਨ ਪਾਸੋਂ ਮਿਤੀ 31 ਮਾਰਚ 2021 ਤੱਕ ਕਰਜ਼ਾ ਲੈਣ ਵਾਲੇ ਸਮੂਹ ਕਰਜ਼ਦਾਰਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਮਾਫ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਲਗਭਗ 10,151 ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਜ਼ਦਾਰਾਂ ਨੂੰ 41.48 ਕਰੋੜ ਰੁਪਏ ਦੀ ਵੱਡੀ ਰਾਹਤ ਮਿਲੀ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਕੀਤਾ ਇਹ ਲੋਕਪੱਖੀ ਐਲਾਨ ਬੜਾ ਹੀ ਸ਼ਲਾਘਾਯੋਗ ਹੈ।
ਉਨ੍ਹਾਂ ਦੱਸਿਆ ਕਿ ਉਨਾਂ ਵਲੋਂ ਵਿਸ਼ੇਸ ਤੌਰ ‘ਤੇ ਮਾਣਯੋਗ ਮੁੱਖ ਮੰਤਰੀ ਜੀ ਨੂੰ ਮਿਤੀ 28.6.2021 ਨੂੰ ਇਕ ਡੀ.ਓ. ਪੱਤਰ ਲਿਖ ਕੇ ਅਤਿ ਮਹੱਤਵਪੂਰਨ ਮੁੱਦਾ ਉਨਾਂ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਜਿਵੇ ਪੰਜਾਬ ਸਰਕਾਰ ਵਲੋਂ ਰਾਜ ਵਿਚ ਕਿਸਾਨਾਂ ਦਾ ਕਰਜ਼ਾ ਮਾਫ਼ ਕਰਕੇ ਰਾਹਤ ਦਿੱਤੀ ਗਈ ਹੈ ਉਸੇ ਹੀ ਤਰਜ਼ ਤੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਦਾ ਕਰਜ਼ਾ ਵੀ ਮੁਆਫ਼ ਕੀਤਾ ਜਾਵੇ ਕਿਉਂਕਿ ਕਰੋਨਾ ਦੀ ਮਹਾਂਮਾਰੀ ਦੌਰਾਨ ਛੋਟੇ ਕਾਰੋਬਾਰੀ ਜੋ ਕਰਜ਼ਾ ਚੁੱਕ ਦੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਹੇ ਸੀ, ਬੁਰੀ ਤਰਾਂ ਪ੍ਰਭਾਵਤ ਹੋਏ ਹਨ ਜਿਸ ਤੇ ਮਾਨਯੋਗ ਮੁੱਖ ਮੰਤਰੀ ਜੀ ਵਲੋਂ ਹਮਦਰਦੀ ਨਾਲ ਵਿਚਾਰ ਕਰਕੇ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਹੁਕਮ ਕੀਤੇ ਗਏ ਸਨ।
ਇੰਜ: ਸੂਦ ਨੇ ਇਹ ਵੀ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਜੀ ਰਾਜ ਦੇ ਗਰੀਬ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਹਮੇਸ਼ਾ ਤਤਪਰ ਰਹੇ ਅਤੇ ਇਸੇ ਲੜੀ ਤਹਿਤ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਕਾਰਪੋਰੇਸ਼ਨ ਪਾਸੋਂ 50 ਹਜ਼ਾਰ ਤੱਕ ਦਾ ਕਰਜ਼ਾ ਪ੍ਰਾਪਤ ਕਰਨ ਵਾਲੇ ਕਰਜ਼ਦਾਰਾਂ ਦਾ ਕਰਜ਼ਾ ਮਾਫ਼ ਕਰਕੇ 14,260 ਕਰਜ਼ਦਾਰਾਂ ਨੂੰ 45.41 ਕਰੋੜ ਰੁ: ਦੀ ਭਾਰੀ ਰਾਹਤ ਦਿੱਤੀ ਗਈ ਸੀ। ਇਸ ਪ੍ਰਕਾਰ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਕਰਜ਼ਦਾਰਾਂ ਨੂੰ ਆਪਣੇ ਮੌਜੂਦਾ ਕਾਰਜਕਾਲ ਦੌਰਾਨ 86.89 ਕਰੋੜ ਰੁਪਏ ਦੇ ਕਰਜ਼ੇ ਮਾਫ ਕਰਕੇ ਬਹੁਤ ਵੱਡੀ ਰਾਹਤ ਦਿੱਤੀ ਹੈ ਜਿਸ ਲਈ ਉਹ ਕੈਪਟਨ ਸਰਕਾਰ ਦੇ ਸੁਕਰਗੁਜ਼ਾਰ ਹਨ। ਇਸ ਫੈਸਲੇ ਨਾਲ ਦਲਿਤ ਸਮਾਜ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੇਵਲ ਕਰਜ਼ੇ ਮਾਫ਼ੀ ਨਾਲ ਰਾਹਤ ਹੀ ਨਹੀਂ ਦਿੱਤੀ ਬਲਕਿ ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮੁਹੱਈਆ ਕਰਨ ਦੇ ਪ੍ਰਮੁੱਖ ਪ੍ਰੋਗਰਾਮ ਅਧੀਨ ਅਨੁਸੂਚਿਤ ਜਾਤੀਆਂ ਦੇ ਗਰੀਬ ਲਾਭਪਾਤਰੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਦੇ ਮੰਤਵ ਨਾਲ ਵੀ ਕਰਜ਼ੇ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਵੱਖ ਵੱਖ ਸਕੀਮਾਂ ਸਾਲ 2019-20 ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਕਰਜ਼ਾ ਵੰਡ ਮੁਹਿੰਮ ਦੌਰਾਨ 1,779 ਲਾਭਪਾਤਰੀਆਂ ਨੂੰ 15.35 ਕਰੋੜ ਰੁਪਏ ਦਾ ਕਰਜਾ (ਸਮੇਤ 1.35 ਕਰੋੜ ਰੁ: ਦੀ ਸਬਸਿਡੀ) ਦੇ ਕੇ ਵੱਡੀ ਉਪਲੱਬਧੀ ਹਾਸਲ ਕੀਤੀ ਗਈ ਹੈ। ਇਸ ਤੋਂ ਇਲਾਵਾ ਕਰੋਨਾ ਮਹਾਂਮਾਰੀ ਕਾਰਣ ਲਾਕਡਾਊਨ ਹੋਣ ਦੇ ਬਾਵਜੂਦ ਵੀ ਸਾਲ 2020-21 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਹਿੰਮ ਅਧੀਨ 2,116 ਲਾਭਪਾਤਰੀਆਂ ਨੂੰ 22.94 ਕਰੋੜ ਦਾ ਕਰਜ਼ਾ (ਸਮੇਤ 1.65 ਕਰੋੜ ਰੁ: ਦੀ ਸਬਸਿਡੀ) ਵੰਡ ਕੇ ਇਕ ਨਵਾਂ ਮੁਕਾਮ ਹਾਸਲ ਕੀਤਾ ਗਿਆ।
ਉਨਾਂ ਅੱਗੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਕਾਰਪੋਰੇਸ਼ਨ ਆਪਣੀ ਸਥਾਪਨਾ ਦੇ 50 ਸਾਲ ਪੂਰੇ ਹੋਣ ਤੇ ਗੋਲਡਨ ਜੁਬਲੀ ਵਰ੍ਹੇ ਦੇ ਤੌਰ ਤੇ ਮਨਾ ਰਹੀ ਹੈ ਅਤੇ ਇਸ ਇਤਿਹਾਸਕ ਸਾਲ ਦੌਰਾਨ ਕਾਰਪੋਰੇਸ਼ਨ ਦੀ ਮੁੱਖ ਸਕੀਮ ਸਿੱਧਾ ਕਰਜਾ ਅਧੀਨ ਕਰਜ਼ੇ ਵੰਡਣ ਦਾ ਟੀਚਾ 500 ਲੱਖ ਰੁ: ਤੋਂ ਵਧਾ ਕੇ 1000 ਲੱਖ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਆਯੋਜਿਤ ਕਰਕੇ ਕਰਜ਼ਦਾਰਾਂ ਨੂੰ ਕਰਜ਼ਿਆਂ ਦੇ ਮਨਜੂਰੀ ਪੱਤਰ ਵੰਡੇ ਜਾ ਰਹੇ ਹਨ। ਇਨਾਂ ਪ੍ਰੋਗਰਾਮਾਂ ਦੀ ਲੜੀ ਵਿਚ ਮੁੱਲਾਂਪੁਰ ਦਾਖਾ, ਬੰਗਾ, ਅੰਮ੍ਰਿਤਸਰ ਅਤੇ ਰੋਪੜ ਵਿਖੇ ਪ੍ਰੋਗਰਾਮ ਵੀ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹੋਰ ਸ਼ਹਿਰਾਂ ਵਿਚ ਵੀ ਇਸੇ ਤਰਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ।




