
ਮੋਗਾ, 23 ਅਗਸਤ ( ਚਰਨਜੀਤ ਸਿੰਘ ) ਪੰਜਾਬ ਸਰਕਾਰ ਵੱਲੋਂ “ਘਰ ਘਰ ਰੋਜ਼ਗਾਰ ਅਤੇ ਕਾਰੋਬਾਰ” ਮਿਸ਼ਨ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੀ ਪ੍ਰੀਖਿਆ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੁਭਾਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਨ੍ਹਾਂ ਸਰਕਾਰੀ ਨੌਕਰੀਆਂ ਨੂੰ ਹਾਸਿਲ ਕਰਨ ਲਈ ਸਰਕਾਰ ਵੱਲੋਂ ਲਿਖਤੀ ਪ੍ਰੀਖਿਆ ਲਈ ਜਾਂਦੀ ਹੈ। ਨੌਜਵਾਨਾਂ ਨੂੰ ਇਨ੍ਹਾਂ ਪ੍ਰੀਖਿਆਵਾਂ ਦੀ ਤਿਆਰੀ ਲਈ ਕੋਚਿੰਗ ਦੀ ਜਰੂਰਤ ਪੈਂਦੀ ਹੈ। ਬਹੁਤ ਸਾਰੇ ਪ੍ਰਾਰਥੀਆਂ ਵੱਲੋਂ ਹਜ਼ਾਰਾਂ ਲੱਖਾਂ ਰੁਪਏ ਖਰਚ ਕਰਕੇ ਇਹ ਕੋਚਿੰਗ ਹਾਸਿਲ ਕੀਤੀ ਜਾਂਦੀ ਹੈ। ਪਰ ਹੁਣ ਇੱਕ ਚੰਗੇ ਪੱਧਰ ਦੀ ਆਨਲਾਈਨ ਕੋਚਿੰਗ ਪੰਜਾਬ ਸਰਕਾਰ ਵੱਲੋਂ ਮੁਫ਼ਤ ਵਿੱਚ ਕਰਵਾਈ ਜਾਵੇਗੀ। ਇਸ ਪ੍ਰੋਗਰਾਮ ਦੀ ਸ਼ੁਰੁਆਤ ਅਗਲੇ ਮਹੀਨੇ ਮਾਣਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਬਹੁਤ ਸਾਰੀਆਂ ਸਰਕਾਰੀ ਆਸਾਮੀਆਂ ਨਿਕਲਣ ਜਾ ਰਹੀਆਂ ਹਨ। ਪਹਿਲੇ ਪੜਾਅ ਵਿੱਚ ਪੁਲਿਸ ਕਾਂਸਟੇਬਲ ਅਤੇ ਕਲਰਕ ਦੀਆਂ ਅਸਾਮੀਆਂ ਲਈ ਤਿਆਰੀ ਕਰਵਾਈ ਜਾਵੇਗੀ। ਇਸ ਕਾਰਜ ਲਈ ਬਿਊਰੋ ਵੱਲੋਂ ਚਾਹਵਾਨ ਪ੍ਰਾਰਥੀਆਂ ਦੀਆਂ ਅਰਜੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ। ਜੋ ਪ੍ਰਾਰਥੀ ਇਹ ਮੁਫ਼ਤ ਆਨਲਾਈਨ ਕੋਚਿੰਗ ਲੈਣਾ ਚਾਹੁੰਦੇ ਹਨ ਉਹ ਬਿਊਰੋ ਦੇ ਦਿੱਤੇ ਗਏ ਲਿੰਕ tinyurl.com/Coaching-Moga ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਬਿਊਰੋ ਦੇ ਹੈਲਪਲਾਈਨ ਨੰਬਰ 6239266860 ਤੇ ਸੰਪਰਕ ਕੀਤਾ ਜਾ ਸਕਦਾ ਹੈੇ।




