12 ਤੋਂ 17 ਸਾਲ ਦੇ ਬੱਚਿਆਂ ਦਾ 100 ਫੀਸਦੀ ਕੋਵਿਡ ਟੀਕਾਕਰਨ ਯਕੀਨੀ ਬਣਾਉਣ ਲਈ ਆਈ.ਐਸ.ਐਫ. ਕਾਲਜ ਵਿੱਚ ਸਮਾਗਮ ਦਾ ਆਯੋਜਨ
ਡਿਪਟੀ ਕਮਿਸ਼ਨਰ ਹਰੀਸ਼ ਨਈਅਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸਿ਼ਰਕਤ ਸਮੂਹ ਸਕੂਲ ਮੁਖੀਆਂ ਨੂੰ ਟੀਕਾਕਰਨ ਮੁਹਿੰਮ ਵਿੱਚ ਸਾਥ ਦੇਣ ਦੀ ਅਪੀਲ

ਮੋਗਾ, 22 ਮਾਰਚ ( Charanjit Singh ) 12 ਤੋਂ 17 ਸਾਲ ਉਮਰ ਵਰਗ ਦੇ ਬੱਚਿਆਂ ਦਾ 100 ਫੀਸਦੀ ਕਰੋਨਾ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਲਈ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਦੇ ਨੁਮਾਇੰਦਿਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਦਾ ਵੱਧ ਤੋਂ ਵੱਧ ਸਹਿਯੋਗ ਚਾਹੀਦਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਆਈ.ਐਸ.ਐਫ. ਕਾਲਜ ਘੱਲ ਕਲਾਂ (ਮੋਗਾ) ਵਿਖੇ ਰੱਖੇ ਜਾਗਰੂਕਤਾ ਸਮਾਰੋਹ ਦੌਰਾਨ ਕੀਤਾ। ਇਸ ਸਮਾਰੋਹ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ, ਸਿਵਲ ਸਰਜਨ ਮੋਗਾ ਡਾ. ਹਿਤਿੰਦਰ ਕਲੇਰ, ਜਿ਼ਲ੍ਹਾ ਟੀਕਾਕਰਨ ਅਫ਼ਸਰ ਮੋਗਾ ਡਾ. ਅਸ਼ੋਕ ਸਿੰਗਲਾ, ਜਿ਼ਲ੍ਹਾ ਮੋਗਾ ਦੇ ਪ੍ਰਾਈਵੇਟ ਸਕੂੁਲਾਂ ਦੇ ਚੇਅਰਮੈਨ, ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਹੋਰ ਵੀ ਪ੍ਰਮੁੱਖ ਸ਼ਖਸ਼ੀਅਤਾਂ ਨੇ ਭਾਗ ਲਿਆ।
ਡਿਪਟੀ ਕਮਿਸ਼ਨਰ ਮੋਗਾ ਸ੍ਰੀ ਹਰੀਸ਼ ਨਈਅਰ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਉਨ੍ਹਾਂ ਆਪਣੇ ਸੰਬੋਧਨ ਵਿੱਚ ਦੱਸਿਆ ਕਿ ਕਰੋਨਾ ਦੀ ਚੌਥੀ ਲਹਿਰ ਮਈ-ਜੂਨ ਵਿੱਚ ਆਉਣ ਦੀ ਸੰਭਾਵਨਾ ਹੈ ਅਤੇ ਇਸ ਨਾਲ 12 ਤੋਂ 17 ਸਾਲ ਉਮਰ ਵਰਗ ਦੇ ਬੱਚਿਆਂ ਉੱਪਰ ਮਾੜਾ ਅਸਰ ਪੈ ਸਕਦਾ ਹੈ। ਇਸ ਲਈ ਜਿ਼ਲ੍ਹਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵੱਲੋਂ ਇਸ ਉਮਰ ਵਰਗ ਦੇ ਬੱਚਿਆਂ ਦਾ ਕਰੋਨਾ ਟੀਕਾਕਰਨ ਮੁਹਿੰਮ ਨੂੰ ਤੇਜੀ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਮੁਖੀਆਂ ਅਤੇ ਬੱਚਿਆਂ ਦੇ ਮਾਤਾ ਪਿਤਾ ਦੇ ਸਹਿਯੋਗ ਦੀ ਬਹੁਤ ਹੀ ਜਿਆਦਾ ਲੋੜ ਹੈ।
ਉਨ੍ਹਾਂ ਕਿਹਾ ਕਿ ਸੁਨਣ ਵਿੱਚ ਆਇਆ ਹੈ ਕਿ ਬੱਚਿਆਂ ਦੇ ਕਰੋਨਾ ਟੀਕਾਕਰਨ ਨੂੰ ਲੈ ਕੇ ਬੱਚਿਆਂ ਦੇ ਮਾਤਾ ਪਿਤਾ ਵਿੱਚ ਬਹੁਤ ਹੀ ਜਿਆਦਾ ਗਲਤਫਹਿਮੀਆਂ ਭਰੀਆਂ ਹੋਈਆਂ ਹਨ ਜਿਹੜੀਆਂ ਕਿ ਬਿਲਕੁਲ ਹੀ ਬੇਬੁਨਿਆਦ ਹਨ। ਬੱਚਿਆਂ ਦੇ ਮਾਤਾ ਪਿਤਾ ਦੇ ਦਿਮਾਗਾਂ ਵਿੱਚ ਕਰੋਨਾ ਟੀਕਾਕਰਨ ਦੇ ਦੁਸ਼ਪ੍ਰਭਾਵ ਦੀਆਂ ਗਲਤਫਹਿਮੀਆਂ ਸੋ਼ਸ਼ਲ ਮੀਡੀਆ ਉੱਪਰ ਫੈਲਾਈਆਂ ਜਾ ਰਹੀਆਂ ਬੇਬੁਨਿਆਦ ਅਫ਼ਵਾਹਾਂ ਕਾਰਣ ਭਰੀਆਂ ਹੋਈਆਂ ਹਨ, ਜਿੰਨ੍ਹਾਂ ਤੋਂ ਕਿ ਬਚਣ ਦੀ ਲੋੜ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਚਰਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਸਕੂਲਾਂ ਦੇ ਨੁਮਾਇੰਦਿਆਂ ਤੋਂ ਕਰੋਨਾ ਟੀਕਾਕਰਨ ਮੁਹਿੰਮ ਵਿੱਚ ਜਿ਼ਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਦੀ ਤੀਜੀ ਲਹਿਰ ਮਨੁੱਖਾਂ ਉੱਪਰ ਆਪਣਾ ਜਿਆਦਾ ਪ੍ਰਭਾਵ ਪਾਉਣ ਵਿੱਚ ਨਾਕਾਮਯਾਬ ਰਹੀ ਜਿਹੜਾ ਕਿ ਸਿਰਫ਼ ਤੇ ਸਿਰਫ਼ ਕਰੋਨਾ ਵੈਕਸੀਨੇਸ਼ਨ ਕਰਕੇ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਬੱਚਿਆਂ ਦੇ ਟੀਕਾਕਰਨ ਮੁਹਿੰਮ ਨੂੰ ਮਿਸ਼ਨ ਮੋਡ ਵਿੱਚ ਚਲਾਇਆ ਜਾਵੇਗਾ ਅਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਹੀ ਜਿ਼ਲ੍ਹਾ ਦੇ 12 ਤੋਂ 17 ਸਾਲ ਤੱਕੇ ਦੇ ਬੱਚਿਆਂ ਦਾ 100 ਫੀਸਦੀ ਟੀਕਾਕਰਨ ਕਰਨ ਦੇ ਯਤਨ ਕੀਤੇ ਜਾਣਗੇ।
ਇਸ ਸਮਾਗਮ ਵਿੱਚ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਵੱਲੋਂ ਇਸ ਟੀਚੇ ਨੁੂੰ ਛੇਤੀ ਤੋਂ ਛੇਤੀ ਪ੍ਰਾਪਤ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ।
ਅਖੀਰ ਸਕੂਲ ਨੁਮਾਇੰਦਿਆਂ ਨੇ ਜਿ਼ਲ੍ਹਾ ਪ੍ਰਸ਼ਾਸ਼ਨ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਭਰੋਸਾ ਦਿਵਾਇਆ।
![]()




