ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਾਰੇ ਸਕੂਲਾਂ ਬਾਰੇ ਰਿਪੋਰਟ ਪੇਸ਼ ਕਰਨ ਬਾਰੇ ਕਿਹਾ
ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਕਰਨਗੇ ਸਿਹਤ ਟੀਮਾਂ ਦੀ ਸਹਾਇਤਾ

ਮੋਗਾ, 28 ਅਪ੍ਰੈਲ ( Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਕਰੋਨਾ ਦੀ ਰੋਕਥਾਮ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਜ਼ਿਲ੍ਹਾ ਮੋਗਾ ਵਿੱਚ ਸੈਂਪਲਿੰਗ ਅਤੇ ਟੀਕਾਕਰਨ ਵਧਾਉਣ ਦੀ ਹਦਾਇਤ ਕੀਤੀ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਉੱਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਲੋੜ੍ਹ ਹੈ ਕਿ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਇਸ ਮਹਾਂਮਾਰੀ ਤੋਂ ਬਚਾਉਣ ਲਈ
ਸੈਂਪਲਿੰਗ ਅਤੇ ਟੀਕਾਕਰਨ ਦੀ ਰਫ਼ਤਾਰ ਵਿੱਚ ਵਾਧਾ ਕੀਤਾ ਜਾਵੇ।
ਉਹਨਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੈਂਪਲਿੰਗ ਦਾ ਰੋਜ਼ਾਨਾ ਟੀਚਾ ਵਧਾ ਕੇ 1000 ਕੀਤਾ ਜਾਵੇ ਅਤੇ ਰੋਜ਼ਾਨਾ ਟੀਕਾਕਰਨ ਵੀ ਵਧਾਇਆ ਜਾਵੇ।
ਉਹਨਾਂ ਕਿਹਾ ਕਿ ਲੋਕਾਂ ਨੂੰ ਸੈਂਪਲਿੰਗ ਅਤੇ ਟੀਕਾਕਰਨ ਲਈ ਉਤਸ਼ਾਹਿਤ ਕਰਨ ਲਈ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ, ਧਾਰਮਿਕ ਸਖਸ਼ੀਅਤਾਂ ਅਤੇ ਸਮਾਜ ਵਿੱਚ ਵਧੀਆ ਅਕਸ ਰੱਖਣ ਵਾਲੀਆਂ ਸਖਸ਼ੀਅਤਾਂ ਦਾ ਸਹਿਯੋਗ ਲਿਆ ਜਾਵੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਾਰੇ ਸਕੂਲਾਂ ਬਾਰੇ ਰਿਪੋਰਟ ਪੇਸ਼ ਕਰਨ ਬਾਰੇ ਕਿਹਾ ਗਿਆ ਕਿ ਕਿਹੜੇ ਸਕੂਲਾਂ ਵਿਚ ਕਿੰਨੇ ਯੋਗ ਵਿਦਿਅਰਥੀਆਂ ਦੇ ਟੀਕੇ ਲੱਗ ਚੁੱਕੇ ਹਨ। ਉਹਨਾਂ ਕਿਹਾ ਕਿ ਜਿਹੜੇ ਸਕੂਲ ਟੀਕੇ ਲਗਵਾਉਣ ਵਿੱਚ ਆਨਾਕਾਨੀ ਕਰਦੇ ਹਨ ਉਹਨਾਂ ਦੇ ਸਕੂਲ ਮੁਖੀਆਂ ਨੂੰ ਮੀਟਿੰਗ ਵਿਚ ਬੁਲਾਇਆ ਜਾਵੇ। ਉਹਨਾਂ ਕਿਹਾ ਕਿ ਇਸ ਸਬੰਧੀ ਬੱਚਿਆਂ ਦੇ ਮਾਪਿਆਂ ਨੂੰ ਵੀ ਜਾਗਰੂਕ ਕੀਤਾ ਜਾਵੇ।
ਉਹਨਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਉਹ ਆਂਗਣਵਾੜੀ ਵਰਕਰ ਅਤੇ ਆਸ਼ਾ ਵਰਕਰ ਨੂੰ ਪਾਬੰਦ ਕਰਨ ਕਿ ਸਿਹਤ ਟੀਮਾਂ ਦੀ ਫੀਲਡ ਵਿਚ ਹਰ ਸੰਭਵ ਸਹਾਇਤਾ ਕੀਤੀ ਜਾਵੇ। ਮੀਟਿੰਗ ਵਿੱਚ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਵਧੀਕ ਡਿਪਟੀ ਕਮਿਸ਼ਨਰ ਸ੍ਰ ਹਰਚਰਨ ਸਿੰਘ, ਐੱਸ ਡੀ ਐੱਮ ਸ੍ਰ ਸਤਵੰਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।




