ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ 29 ਮਈ ਨੂੰ
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਵਿੱਚ ਬਣੇ ਸੈਂਟਰਾਂ 'ਤੇ ਲਗਾਈ ਸੀ.ਆਰ.ਪੀ.ਸੀ. ਦੀ ਧਾਰਾ 144

ਮੋਗਾ, 27 ਮਈ: (Charanjit Singh)
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਸਕੂਲਾਂ ਵਿੱਚ (ਨੌਵੀਂ, ਗਿਆਰਵ੍ਹੀਂ, ਬਾਰਵ੍ਹੀਂ ਸ਼੍ਰੇਣੀ) ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 29 ਮਈ, 2022 ਨੂੰ ਬਾਅਦ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਤੇ ਕਰਵਾਈ ਜਾ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਕਤ ਦੇ ਮੱਦੇਨਜ਼ਰ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬੋਰਡ ਵੱਲੋਂ ਜ਼ਿਲ੍ਹਾ ਮੋਗਾ ਅੰਦਰ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਉਮੀਦਵਾਰਾਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਜਾਂਦੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਜ਼ਿਲ੍ਹਾ ਮੋਗਾ ਵਿੱਚ 3 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੁਲ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੀਮ ਨਗਰ ਮੋਗਾ ਸ਼ਾਮਿਲ ਹਨ।
ਉਨ੍ਹਾਂ ਦੱਸਿਆ ਕਿ ਇਹ ਹੁਕਮ 29 ਮਈ, 2022 ਨੂੰ ਲਾਗੂ ਰਹੇਗਾ।




