ਡਿਪਟੀ ਕਮਿਸ਼ਨਰ ਵੱਲੋਂ ਕੁਦਰਤੀ ਸੋਮਿਆਂ ਦੀ ਸੰਭਾਲ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਦਾ ਸੁਨੇਹਾ
ਵਿਸ਼ਵ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮੇਤ ਕਈ ਸਮਾਗਮਾਂ ਦਾ ਆਯੋਜਨ

ਮੋਗਾ, 5 ਜੂਨ (Charanjit Singh) – ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਉੱਤੇ ਅੱਜ ਪੰਜਾਬ ਸਰਕਾਰ ਵੱਲੋਂ ਵਰਚੂਅਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਵਿਧਾਇਕਾਂ, ਅਧਿਕਾਰੀਆਂ ਅਤੇ ਹਜ਼ਾਰਾਂ ਲੋਕਾਂ ਨੇ ਭਾਗ ਲਿਆ। ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੋਗਾ ਦੇ ਐੱਸ ਡੀ ਐੱਮ ਸ੍ਰ ਸਤਵੰਤ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ, ਮੁੱਖ ਖੇਤੀਬਾੜੀ ਅਫ਼ਸਰ ਸ੍ਰ ਪ੍ਰਿਤਪਾਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਰਾਕੇਸ਼ ਮੱਕੜ, ਡਿਸਟ੍ਰਿਕਟ ਮੈਂਟਰ ਸ੍ਰ ਸੁਖਜਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਕੁਦਰਤ ਦੀਆਂ ਸਭ ਤੋਂ ਅਨਮੋਲ ਵਸਤਾਂ ਪਾਣੀ, ਹਵਾ ਤੇ ਧਰਤੀ ਦੀ ਸ਼ੁੱਧਤਾ ਅਤੇ ਸਾਂਭ ਸੰਭਾਲ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇਕਰ ਇਹ ਕੁਦਰਤੀ ਸਾਧਨ ਸਿਹਤਮੰਦ ਰਹਿਣਗੇ ਤਾਂ ਹੀ ਮਨੁੱਖ ਨਰੋਆ ਅਤੇ ਬਿਮਾਰੀਆਂ ਰਹਿਤ ਜੀਵਨ ਬਸਰ ਕਰ ਸਕਦਾ ਹੈ। ਵਾਤਾਵਰਣ ਦੀ ਸੰਭਾਲ ਲਈ ਉਨ੍ਹਾਂ ਭਗਤ ਪੂਰਨ ਸਿੰਘ ਪਿੰਗਲਵਾੜਾ ਵਾਲਿਆਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ ਹੈ, ਜਿਹਨਾਂ ਦਾ 4 ਜੂਨ ਨੂੰ ਜਨਮ ਦਿਵਸ ਸੀ।
ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਆਪਣੀ ਸਾਰੀ ਜ਼ਿੰਦਗੀ ਮਨੁੱਖਤਾ ਅਤੇ ਵਾਤਾਵਰਣ ਦੀ ਸੇਵਾ ਵਿਚ ਲਗਾ ਦਿੱਤੀ। ਸਾਨੂੰ ਸਾਰਿਆਂ ਨੂੰ ਵੀ ਅਜਿਹੇ ਕਾਰਜ ਕਰਨੇ ਚਾਹੀਦੇ ਹਨ, ਜਿਹਨਾਂ ਨਾਲ ਅਸੀਂ ਪਾਣੀ, ਹਵਾ ਅਤੇ ਧਰਤੀ ਨੂੰ ਸਿਹਤਮੰਦ ਰੱਖ ਸਕੀਏ। ਸਪੀਕਰ ਨੇ ਕਿਹਾ ਕਿ ਮੌਜੂਦਾ ਸਮੇਂ ਇਹੀ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੋਵੇਗੀ ਜੇਕਰ ਅਸੀਂ ਆਪਣੇ ਕੁਦਰਤੀ ਸੋਮਿਆਂ ਨੂੰ ਪ੍ਰਦੂਸ਼ਣ ਅਤੇ ਹੋਰ ਵਿਗਾੜਾਂ ਤੋਂ ਬਚਾ ਸਕੀਏ।
ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਅੱਜ ਮਨੁੱਖ ਨੇ ਇਸ ਕਦਰ ਪਾਣੀ, ਹਵਾ ਅਤੇ ਧਰਤੀ ‘ਤੇ ਪ੍ਰਦੂਸ਼ਣ ਫੈਲਾ ਦਿੱਤਾ ਹੈ ਕਿ ਨਿੱਤ ਨਵੀਆਂ ਬਿਮਾਰੀਆਂ ਮਨੁੱਖਾਂ ਸਮੇਤ ਹਰੇਕ ਜੀਵ ਜੰਤੂ ਨੂੰ ਆਪਣੀ ਜਕੜ ਵਿਚ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਸਲਾਂ ਦੇ ਨਾੜ ਨੂੰ ਅੱਗ ਲਗਾ ਕੇ ਅਸੀਂ ਧਰਤੀ ਦੇ ਪੌਸ਼ਟਿਕ ਤੱਤਾਂ ਨੂੰ ਵੀ ਮੁਕਾ ਰਹੇ ਹਾਂ ਅਤੇ ਅੱਗ ਨਾਲ ਹੋਣ ਵਾਲਾ ਧੂੰਆਂ ਜਿੱਥੇ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ ਉੱਥੇ ਸੜਕੀ ਦੁਰਘਟਨਾਵਾਂ ਨੂੰ ਵੀ ਸੱਦਾ ਦਿੰਦਾ ਹੈ। ਇਸੇ ਤਰ੍ਹਾਂ ਬਹੁਤ ਤਰ੍ਹਾਂ ਦੀ ਰਹਿੰਦ-ਖੂਹੰਦ ਨਾਲ ਅਸੀਂ ਪਾਣੀਆਂ ਨੂੰ ਵੀ ਗੰਧਲਾ ਕਰਦੇ ਜਾ ਰਹੇ ਹਾਂ।
ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੁਦਰਤ ਦੀ ਸੰਭਾਲ ਅਤੇ ਕੁਦਰਤੀ ਸੋਮਿਆਂ ਦੀ ਯੋਗ ਵਰਤੋਂ ਨੂੰ ਯਕੀਨੀ ਨਹੀਂ ਬਣਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਅਤੇ ਕੁਦਰਤ ਬਿਨਾਂ ਮਨੁੱਖੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਸ ਲਈ ਆਓ ਸਾਰੇ ਪ੍ਰਣ ਕਰੀਏ ਕਿ ਵਿਸ਼ਵ ਵਾਤਾਵਰਣ ਦਿਵਸ ਮੌਕੇ ਉਹ ਸਾਰੇ ਕਾਰਜ ਕਰੀਏ ਜਿਸ ਨਾਲ ਨਰੋਆ ਕੁਦਰਤੀ ਵਾਤਾਵਰਣ ਬਣਿਆ ਰਹੇ। ਅੱਜ ਜ਼ਿਲ੍ਹਾ ਮੋਗਾ ਦੇ ਹੋਰ ਕਈ ਸਥਾਨਾਂ ਉੱਤੇ ਵਿਸ਼ਵ ਵਾਤਾਵਰਣ ਦਿਵਸ ਸਬੰਧੀ ਸਮਾਗਮ ਕਰਵਾਏ ਗਏ।




