ਹੁਣ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਲਈ 30 ਜੂਨ ਤੱਕ ਕੀਤਾ ਜਾ ਸਕਦੈ ਅਪਲਾਈ
ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਰੀਚਾਰਜ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਜਰੂਰੀ-ਡਿਪਟੀ ਕਮਿਸ਼ਨਰ

ਮੋਗਾ 7 ਜੂਨ(ਚਰਨਜੀਤ ਸਿੰਘ): ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23 ਦੌਰਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ। ਸਰਕਾਰ ਵੱਲੋਂ ਕਿਸਾਨਾਂ ਦੀ ਸਹਿਮਤੀ ਲਈ ਆਨਲਾਈਨ ਲਿੰਕ https://agrimachinerypb.com/
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰੋਤਸਾਹਨ ਰਾਸ਼ੀ ਲੈਣ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਕਿਸਾਨ ਹੁਣ 30 ਜੂਨ 2022 ਤੱਕ ਇਸ ਰਾਸ਼ੀ ਲਈ ਅਪਲਾਈ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਇਸ ਪ੍ਰੋਤਸਾਹਨ ਰਾਸ਼ੀ ਲੈਣ ਦੇ ਚਾਹਵਾਨ ਹਨ ਉਹ ਉਪਰੋਕਤ ਲਿੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ ਅਤੇ ਆਪਣੇ ਪਿੰਡ ਦਾ ਨਾਮ ਚੁਣਨਗੇ।ਉਸ ਉਪਰੰਤ ਜਿਹੜੇ ਖੇਤਾਂ ਵਿੱਚ ਸਿੱਧੀ ਬਿਜਾਈ ਕਰਨੀ ਹੈ ਉਸਦਾ ਖੇਵਟ/ਖਸਰਾ ਨੰਬਰ ਭਰਨਗੇ ਅਤੇ ਉਸ ਉਪਰੰਤ ਸਬਮਿਟ ਕਰਨ ਲਈ ਕਲਿੱਕ ਕਰਨਗੇ।ਵਧੇਰੇ ਜਾਣਕਾਰੀ ਲਈ ਕਿਸਾਨ ਖੇਤੀਬਾੜੀ ਅਧਿਕਾਰੀ ਮੋਗਾ ਦੇ ਮੋਬਾਇਲ ਨੰਬਰ 99147-00548 ਨਾਲ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਇਸ ਪੋਰਟਲ ਉੱਪਰ ਕਾਸ਼ਤਕਾਰ ਕਿਸਾਨ ਦੀ ਨਿੱਜੀ ਅਤੇ ਬੈਂਕ ਸਬੰਧੀ ਜਾਣਕਾਰੀ ਅਨਾਜ ਖਰੀਦ/ਈ-ਮੰਡੀਕਰਨ ਪੋਰਟਲ ਵਿੱਚ ਕੀਤੀ ਰਜਿਸਟ੍ਰੇਸ਼ਨ ਅਨੁਸਾਰ ਹੀ ਵਿਖਾਈ ਜਾ ਰਹੀ ਹੈ। ਕਿਸਾਨ ਵੱਲੋਂ ਸਿਰਫ਼ ਆਪਣੀ ਸਿੱਧੀ ਬਿਜਾਈ ਅਧੀਨ ਜਮੀਨ ਸਬੰਧੀ ਵੇਰਵਾ ਹੀ ਇਸ ਪੋਰਟਲ ਵਿੱਚ ਦਰਜ ਕੀਤਾ ਜਾਣਾ ਹੈ।ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਕਿਸਾਨ ਵੱਲੋਂ ਆਪਣੀ ਜਮੀਨ ਦਾ ਜ਼ਿਲ੍ਹਾ, ਤਹਿਸੀਲ-ਸਬ ਤਹਿਸੀਲ, ਪਿੰਡ, ਖੇਵਟ ਨੰਬਰ, ਖਸਰਾ ਨੰਬਰ ਅਤੇ ਸਿੱਧੀ ਬਿਜਾਈ ਅਧੀਨ ਰਕਬੇ ਦੀ ਜਾਣਕਾਰੀ (ਕਨਾਲ/ਮਰਲਾ ਜਾਂ ਬਿਗਾ ਵਿਸਵਾ ਵਿੱਚ) ਭਰੀ ਜਾਣੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੀ ਜ਼ਮੀਨ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਰੀਚਾਰਜ ਕਰਨ ਦੇ ਮੰਤਵ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਲਿਆਉਣਾ ਅਤਿ ਜਰੂਰੀ ਹੈ। ਉਨ੍ਹਾਂ ਵੱਧ ਤੋਂ ਵੱਧ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਅਪਨਾਉਣ ਦੀ ਪੁਰਜੋਰ ਅਪੀਲ ਕੀਤੀ।




