ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮੋਗਾ ਦਾ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਕਰਵਾਇਆ ਵਿਜ਼ਟ
ਵਿਦਿਆਰਥਣਾਂ ਲਈ ਲਗਾਇਆ ਗਾਈਡੈਂਸ ਸੈਮੀਨਾਰ

ਮੋਗਾ, 4 ਜੁਲਾਈ ( Charanjit Singh ) ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੋਜ਼ਗਾਰ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਲਈ ਸਰਕਾਰ ਵੱਲੋਂ ਕਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਸਬੰਧੀ ਜਾਣਕਾਰੀ ਦੇਣ ਦੇ ਨਾਲ-ਨਾਲ ਕਰੀਅਰ ਸਬੰਧੀ ਗਾਈਡੈਂਸ ਪ੍ਰੋਗਰਾਮ ਵੀ ਆਯੋਜਿਤ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸ਼੍ਰੀਮਤੀ ਪਰਮਿੰਦਰ ਕੌਰ ਨੇ ਦੱਸਿਆ ਕਿ ਵੱਖ-ਵੱਖ ਵਿੱਦਿਅਕ ਅਦਾਰਿਆਂ ਦਾ ਬਿਊਰੋ ਵਿਖੇ ਵਿਜ਼ਿਟ ਕਰਵਾਇਆ ਜਾ ਰਿਹਾ ਹੈ ਅਤੇ ਬਿਊਰੋ ਦੇ ਅਧਿਕਾਰੀਆਂ ਵੱਲੋਂ ਵਿੱਦਿਅਕ ਅਦਾਰਿਆਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਗਾਈਡੇੇੈਂਸ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਹਿਤ ਅੱਜ ਪਹਿਲਾ ਗਾਈਡੈਂਸ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆਂ) ਮੋਗਾ ਦੀਆਂ ਵਿਦਿਆਰਥਣਾਂ ਵੱਲੋਂ ਇਸ ਸੈਮੀਨਾਰ ਵਿੱਚ ਹਿੱਸਾ ਲਿਆ ਗਿਆ, ਜਿਨ੍ਹਾਂ ਨੂੰ ਵੱਖ ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਾਰੇ ਸਰਕਾਰੀ ਸਕੂਲਾਂ ਦਾ ਸ਼ਡਿਊਲ ਬਣਾ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਵਿਜ਼ਿਟ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਵੱਖ ਵੱਖ ਕਰੀਅਰ ਸਬੰਧੀ ਗਾਈਡੈਂਸ ਅਤੇ ਰੋਜ਼ਗਾਰ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰੀਅਰ ਸੈਮੀਨਾਰ ਵਿੱਚ ਬਿਊਰੋ ਦੇ ਕਰੀਅਰ ਕਾਊਂਸਲਰ, ਸ਼੍ਰੀ ਬਲਰਾਜ ਸਿੰਘ ਖਹਿਰਾ, ਪੀ.ਐਸ.ਡੀ.ਐਮ ਦੇ ਅਧਿਕਾਰੀ, ਪ੍ਰੋ: ਬਲਵਿੰਦਰ ਸਿੰਘ ਅਤੇ ਵੱਖ ਵੱਖ ਸਵੈ-ਰੋਜ਼ਗਾਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।ਆਉਣ ਵਾਲੇ ਦਿਨਾਂ ਵਿੱਚ ਸਾਰੇ ਸਰਕਾਰੀ ਸੀਨਿਅਰ ਸਕੈਂਡਰੀ ਸਕੂਲਾਂ ਨੂੰ ਸ਼ਡਿਊਲ ਅਨੁਸਾਰ ਵਿਜ਼ਿਟ ਕਰਵਾਇਆ ਜਾਵੇਗਾ।






