ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ਕਿਸਾਨ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ

ਮੋਗਾ, 7 ਨਵੰਬਰ (Charanjit Singh) – ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਚਾਹੀਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਜਾਂ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨ ਨੂੰ ਉਸਦੀ ਲੋੜ ਅਨੁਸਾਰ ਵਾਜਬ ਕਿਰਾਏ ਉੱਪਰ ਖੇਤੀ ਸੰਦ ਮੁਹੱਈਆ ਕਰਵਾ ਕੇ ਦਿੱਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਪਰਾਲੀ ਦੀ ਅੱਗ ਨੂੰ ਰੋਕਣ ਵਿੱਚ ਲੱਗੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਨਿਰਧਾਰਤ ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਇਸ ਡਿਊਟੀ ਵਿੱਚ ਕੋਈ ਵੀ ਢਿੱਲ-ਮੱਠ ਜਾਂ ਕੁਤਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਉਨ੍ਹਾਂ ਦੀ ਜ਼ਮੀਨ ਦੇ ਉਪਜਾਊ ਤੱਤ ਸੜ ਕੇ ਨਸ਼ਟ ਹੁੰਦੇ ਹਨ ਓਥੇ ਇਸ ਨਾਲ ਵਾਤਾਵਰਨ ਵੀ ਪ੍ਰਦੂਸ਼ਤ ਹੁੰਦਾ ਹੈ। ਉਨ੍ਹਾਂ ਕਿਹਾ ਪਰਾਲੀ ਨੂੰ ਅੱਗ ਲਗਾਉਣਾ ਨੈਤਿਕਤਾ ਦੇ ਨਾਲ ਕਾਨੂੰਨੀ ਤੌਰ ’ਤੇ ਵੀ ਗਲਤ ਹੈ। ਉਨ੍ਹਾਂ ਕਿਹਾ ਕਿ ਮਨਾਹੀ ਦੇ ਬਾਵਜੂਦ ਵੀ ਜੇਕਰ ਕਿਸੇ ਵਿਅਕਤੀ ਨੇ ਪਰਾਲੀ ਨੂੰ ਅੱਗ ਲਗਾਈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਰਾਵਾਈ ਕਰਦੇ ਹੋਏ 2500 ਰੁਪਏ ਤੋਂ 15000 ਰੁਪਏ ਤੱਕ ਦਾ ਜ਼ੁਰਮਾਨਾ ਵੀ ਕੀਤਾ ਜਾਵੇਗਾ ਅਤੇ ਨਾਲ ਹੀ ਵਾਤਾਵਰਨ ਨੂੰ ਦੂਸ਼ਿਤ ਕਰਨ ਲਈ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅਲੱਗ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਉਣਗੇ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇਗਾ।




