ਸਾਰੇ ਸਾਈਨ ਬੋਰਡ 21 ਨਵੰਬਰ ਤੱਕ ਪੰਜਾਬੀ ਵਿੱਚ ਲਿਖਵਾ ਲਏ ਜਾਣ-ਜ਼ਿਲ੍ਹਾ ਭਾਸ਼ਾ ਅਫ਼ਸਰ

ਮੋਗਾ, 8 ਨਵੰਬਰ:
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਰਾਜ ਦੇ ਸਾਰੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸੰਸਥਾਵਾਂ, ਵਪਾਰਕ ਅਦਾਰਿਆਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਦੁਕਾਨਾਂ, ਸੜਕਾਂ, ਸਾਈਨ ਬੋਰਡਾਂ, ਮੀਲ ਪੱਥਰਾਂ ਦੇ ਬੋਰਡਾਂ ਦੇ ਨਾਮ ਅਤੇ ਨਾਮ ਪੱਟੀਆਂ 21 ਨਵੰਬਰ, 2023 ਤੱਕ ਪੰਜਾਬੀ (ਗੁਰਮੁਖੀ ਲਿੱਪੀ) ਵਿੱਚ ਪਹਿਲ ਦੇ ਆਧਾਰ ‘ਤੇ ਲਿਖਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਪਹਿਲਾਂ ਇਹ ਸਮਾਂ ਸੀਮਾ 21 ਫਰਵਰੀ, 2023 ਤੱਕ ਨਿਰਧਾਰਿਤ ਕੀਤੀ ਗਈ ਸੀ, ਜਿਸ ਵਿਚ ਹੁਣ 21 ਨਵੰਬਰ, 2023 ਤੱਕ ਦਾ ਵਾਧਾ ਕੀਤਾ ਗਿਆ ਹੈ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਇਸ ਆਦੇਸ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਸ਼ਾ ਵਿਭਾਗ, ਪੰਜਾਬ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹਾ ਮੋਗਾ ਦੇ ਸਾਰੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੋਰਡ ਪੰਜਾਬੀ (ਗੁਰਮੁਖੀ ਲਿੱਪੀ) ਵਿੱਚ ਲਿਖਵਾਏ ਜਾਣ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਹੋਰਨਾ ਪ੍ਰਾਈਵੇਟ ਅਦਾਰਿਆਂ, ਦੁਕਾਨਦਾਰਾਂ ਆਦਿ ਨੂੰ ਵੀ ਇਸ ਮੁਹਿੰਮ ਦੀ ਕਾਮਯਾਬੀ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਨਿਸ਼ਚਿਤ ਸਮੇਂ ਦੇ ਅੰਦਰ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਲਿਖਵਾਉਣ ਦਾ ਕੰਮ ਮੁਕੰਮਲ ਕਰਵਾ ਲਿਆ ਜਾਵੇ।




