ਮੋਗਾ, 14 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 915553 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 860660 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 94 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 72 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 374731 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 223823 ਮੀਟ੍ਰਿਕ ਟਨ, ਪਨਸਪ ਵੱਲੋਂ 154394 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 87639 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।
ਡਿਪਟੀ ਕਮਿਸ਼ਨਰ ਵੱਲੋਂ ਵੱਧ ਤੋਂ ਵੱਧ ਲੋਕਾਂ ਨੂੰ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ

ਮੋਗਾ 14 ਨਵੰਬਰ:
ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ ਸਕੀਮਾਂ ਦਾ ਲਾਹਾ ਵਿਅਕਤੀ ਨੂੰ ਮਿਲਦਾ ਹੈ। ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਵਿਅਕਤੀਆਂ ਵੱਲੋਂ ਆਪਣੇ ਆਧਾਰ ਕਾਰਡਾਂ ਨੂੰ ਅਪਡੇਟ ਨਹੀਂ ਕਰਵਾਇਆ ਜਾਂਦਾ ਜਿਸ ਨਾਲ ਉਹਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਵਿੱਚ ਮੁਸ਼ਕਿਲ ਪੇਸ਼ ਆ ਜਾਂਦੀ ਹੈ ਇਸ ਲਈ ਹਰੇਕ ਵਿਅਕਤੀ ਨੂੰ ਆਪਣਾ ਆਧਾਰ ਕਾਰਡ ਅਪਡੇਟ ਕਰਵਾਉਣ ਚਾਹੀਦਾ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰੇਕ ਵਿਅਕਤੀ ਦੇ ਆਧਾਰ ਕਾਰਡ ਦੀ ਇੰਨਰੋਲਮੇਂਟ ਅਤੇ ਇਸਦੀ ਅਪਡੇਸ਼ਨ ਯਕੀਨੀ ਬਣਾਉਣ ਲਈ ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਦੇ ਚੋਣਵੇਂ ਪਿੰਡਾਂ ਦੇ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਆਧਾਰ ਕਾਰਡ ਇੰਨਰੋਲਮੇਂਟ ਅਤੇ ਅਪਡੇਸ਼ਨ ਕੈਂਪਾਂ ਦਾ ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਨਵੰਬਰ ਨੂੰ ਮੋਗਾ -1 ਦੇ ਆਂਗਣਵਾੜੀ ਸੈਂਟਰ ਬਹੋਨਾ, ਸਰਕਾਰੀ ਪ੍ਰਾਇਮਰੀ ਸਕੂਲ ਮਟਵਾਣੀ ਵਿਖੇ, ਮੋਗਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਮਸੀਤਾਂ, ਆਂਗਣਵਾੜੀ ਸੈਂਟਰ ਖੁਖਰਾਣਾ ਵਿਖੇ, ਬਲਾਕ ਬਾਘਾਪੁਰਾਣਾ ਦੇ ਆਂਗਣਵਾੜੀ ਸੈਂਟਰ ਮਾੜੀ ਮੁਸਤਫ਼ਾ ਤੇ ਆਂਗਣਵਾੜੀ ਸੈਂਟਰ ਬਾਘਾਪੁਰਾਣਾ ਵਿਖੇ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਗੁਲਾਬ ਸਿੰਘ ਵਾਲਾ ਵਿਖੇ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਨਵੰਬਰ ਨੂੰ ਮੋਗਾ -1 ਦੇ ਆਂਗਣਵਾੜੀ ਸੈਂਟਰ ਵਾਰਡ ਨੰਬਰ 25 ਵਿਖੇ, ਸਰਕਾਰੀ ਪ੍ਰਾਇਮਰੀ ਸਕੂਲ ਮਟਵਾਣੀ ਵਿਖੇ, ਮੋਗਾ-2 ਦੇ ਸਰਕਾਰੀ ਪ੍ਰਾਇਮਰੀ ਸਕੂਲ ਮਸੀਤਾਂ, ਆਂਗਣਵਾੜੀ ਸੈਂਟਰ ਸੱਦਾ ਸਿੰਘ ਵਾਲਾ ਵਿਖੇ, ਬਲਾਕ ਬਾਘਾਪੁਰਾਣਾ ਦੇ ਆਂਗਣਵਾੜੀ ਸੈਂਟਰ ਰਾਜਿਆਣਾ ਤੇ ਬਾਘਾਪੁਰਾਣਾ ਵਿਖੇ ਕੈਂਪ ਲਗਾਏ ਜਾ ਰਹੇ ਹਨ।ਇਸ ਤੋਂ ਇਲਾਵਾ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਉਂਕੇ ਕਲਾਂ, ਬਲਾਕ ਧਰਮਕੋਟ ਦੇ ਪਿੰਡ ਗਲੋਟੀ ਤੇ ਆਂਗਣਵਾੜੀ ਸੈਂਟਰ ਕੋਟ ਈਸੇ ਖਾਂ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਸੰਬਧਤ ਪਿੰਡਾਂ ਅਤੇ ਨੇੜਲੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਜਿਕਰਯੋਗ ਹੈ ਕਿ ਇਹ ਕੈਂਪ 30 ਨਵੰਬਰ ਤੱਕ ਵੱਖ ਵੱਖ ਪਿੰਡਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਲਗਾਏ ਜਾਣਗੇ।




