ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਚੱਲੇਗੀ ਵਿਸ਼ੇਸ਼ ਪੋਲੀਓ ਰੋਕੂ ਮੁਹਿੰਮ
14.83 ਲੱਖ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਕੂ ਬੂੰਦਾਂ

ਮੋਗਾ, 7 ਦਸੰਬਰ – ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਵੱਲੋਂ ਦੇਸ਼ ਦੇ ਉਹਨਾਂ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਪੋਲੀਓ ਰੋਕੂ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ, ਜਿੱਥੇ ਇਸ ਬਿਮਾਰੀ ਦੇ ਮੁੜ ਪਨਪਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਹੈ। ਇਹਨਾਂ ਜ਼ਿਲ੍ਹਿਆਂ ਵਿੱਚ ਮੋਗਾ ਸਮੇਤ ਪੰਜਾਬ ਦੇ 12 ਜ਼ਿਲ੍ਹੇ ਅੰਮ੍ਰਿਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫ਼ਤਹਿਗੜ੍ਹ ਸਾਹਿਬ, ਫਾਜ਼ਿਲਕਾ, ਮਾਨਸਾ, ਸ਼੍ਰੀ ਮੁਕਤਸਰ ਸਾਹਿਬ, ਸ਼ਹੀਦ ਭਗਤ ਸਿੰਘ ਨਗਰ, ਪਠਾਨਕੋਟ, ਪਟਿਆਲਾ ਅਤੇ ਤਰਨ ਤਾਰਨ ਸ਼ਾਮਿਲ ਹਨ। ਇਹ ਮੁਹਿੰਮ 10, 11 ਅਤੇ 12 ਦਸੰਬਰ, 2023 ਨੂੰ ਚਲਾਈ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜ਼ਿਲ੍ਹਾ ਟਾਸਕ ਫੋਰਸ ਕਮੇਟੀ ਦੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨ ਦਿਨ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਸੂਬੇ ਦੇ 0-5 ਸਾਲ ਉਮਰ ਵਰਗ ਦੇ 14,83,072 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹਨਾਂ ਵਿੱਚ ਜ਼ਿਲ੍ਹਾ ਮੋਗਾ ਦੇ 1,07,115 ਬੱਚੇ ਵੀ ਸ਼ਾਮਿਲ ਹਨ। ਮਿਤੀ 10 ਦਸੰਬਰ ਨੂੰ ਥਾਂ ਥਾਂ ਉੱਪਰ ਬੂਥ ਸਥਾਪਤ ਕਰਕੇ ਬੂੰਦਾਂ ਪਿਲਾਈਆਂ ਜਾਣਗੀਆਂ ਜਦਕਿ 11 ਅਤੇ 12 ਦਸੰਬਰ ਨੂੰ ਘਰ ਘਰ ਜਾ ਕੇ ਕਵਰ ਕੀਤਾ ਜਾਵੇਗਾ।
ਸ੍ਰ ਗਰੇਵਾਲ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਹਿੰਮ ਦਾ ਭਰਪੂਰ ਲਾਹਾ ਲੈਣ ਤਾਂ ਜੋ ਕੋਈ ਵੀ ਬੱਚਾ ਇਹ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹਿ ਜਾਵੇ। ਉਹਨਾਂ ਸਮੂਹ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਆਪਣਾ ਆਪਣਾ ਯੋਗਦਾਨ ਪਾਉਣ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਟੀਚੇ ਨੂੰ ਪੂਰਾ ਕਰਨ ਲਈ 417 ਬੂਥ ਲਗਾਏ ਜਾਣਗੇ। ਇਸ ਤੋਂ ਇਲਾਵਾ ਘਰ ਘਰ ਜਾ ਕੇ ਬੂੰਦਾਂ ਪਿਲਾਉਣ ਲਈ 654 ਟੀਮਾਂ, 21 ਮੋਬਾਈਲ ਟੀਮਾਂ, 16 ਟਰਾਂਜ਼ਿਟ ਟੀਮਾਂ ਬਣਾਈਆਂ ਗਈਆਂ ਹਨ। ਇਸ ਕੰਮ ਨੂੰ 1915 ਵੈਕਸੀਨੇਟਰਾਂ ਵੱਲੋਂ ਸਿਰੇ ਚਾੜ੍ਹਿਆ ਜਾਵੇਗਾ। ਇਸ ਮੌਕੇ ਇਕ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਮੀਟਿੰਗ ਵਿੱਚ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।




