ਜ਼ਿਲੇ ਅੰਦਰ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ‘ਤੇ ਪਾਬੰਦੀ

ਮੋਗਾ 23 ਜਨਵਰੀ(Charanjit Singh):-ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ ‘ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ ‘ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ ‘ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।




