‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਸਕੀਮ ਤਹਿਤ 6 ਫ਼ਰਵਰੀ ਨੂੰ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਵੱਧ ਤੋਂ ਵੱਧ ਲੋਕ ਲੈਣ ਕੈਂਪਾਂ ਦਾ ਲਾਹਾ -ਡਿਪਟੀ ਕਮਿਸ਼ਨਰ

ਮੋਗਾ, 4 ਫਰਵਰੀ (Charanjit Singh) – ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ‘ਪੰਜਾਬ ਸਰਕਾਰ, ਤੁਹਾਡੇ ਦੁਆਰ’ ਪਹਿਲਕਦਮੀ ਤਹਿਤ ਆਗਾਮੀ 6 ਫਰਵਰੀ ਤੋਂ ਵਿਸ਼ੇਸ਼ ਕੈਂਪ ਲਗਾਏ ਜਾਣਗੇ ਤਾਂ ਜੋ ਨਾਗਰਿਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਹ ਕੈਂਪ ਸਬ ਡਵੀਜ਼ਨ ਵਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਦੀ ਸੁਣਵਾਈ ਲਈ ਲਗਾਏ ਜਾਣਗੇ। ਇਕ ਸਬ ਡਵੀਜ਼ਨ ਵਿੱਚ ਰੋਜ਼ਾਨਾ 4 ਕੈਂਪ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ 6 ਫਰਵਰੀ,2024 ਨੂੰ ਲੱਗਣ ਵਾਲੇ ਕੈਂਪਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਮੋਗਾ ਦੇ ਪਿੰਡ ਸਿੰਘਾਵਾਲਾ, ਨਾਹਲ ਖੋਟੇ, ਬੁੱਧ ਸਿੰਘ ਵਾਲਾ/ਮੱਲੀਆਂ ਵਿਖੇ, ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ, ਤਖਤੂਪੁਰਾ, ਵਾਰਡ ਨੰਬਰ 1,2,3,4 ਵਿੱਚ, ਹਲਕਾ ਬਾਘਾਪੁਰਾਣਾ ਦੇ ਪਿੰਡ ਮਾੜੀ ਮੁਸਤਫ਼ਾ, ਸੰਗਤਪੁਰਾ, ਪੰਜਗਰਾਈਂ ਖੁਰਦ, ਮੱਲਕੇ ਤੋਂ ਇਲਾਵਾ ਹਲਕਾ ਧਰਮਕੋਟ ਦੇ ਪਿੰਡ ਬੱਡੂਵਾਲ, ਭਿੰਡਰ ਕਲਾਂ, ਭਿੰਡਰ ਖੁਰਦ, ਕੋਕਰੀ ਵੇਹਣੀਵਾਲ ਵਿਖੇ ਇਹਨਾਂ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇੱਕੋ ਛੱਤ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਕੈਂਪ ਵਿੱਚ ਪ੍ਰਾਪਤ ਯੋਗ ਅਰਜ਼ੀਆਂ ਦਾ ਪਹਿਲ ਦੇ ਆਧਾਰ ‘ਤੇ ਨਿਬੇੜਾ ਕਰਨ।
ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਕੈਂਪਾਂ ਦੌਰਾਨ ਵਿਸ਼ੇਸ਼ ਤੌਰ ਉੱਤੇ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਸਬੰਧੀ ਪ੍ਰਾਪਤ ਪ੍ਰਤੀਬੇਨਤੀਆਂ ਦਾ ਨਿਪਟਾਰਾ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਲਾਭਪਾਤਰੀਆਂ ਦੇ ਬੱਚਿਆਂ ਨੂੰ ਵਜ਼ੀਫੇ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਉਸਾਰੀ ਕਿਰਤੀਆਂ ਸਬੰਧੀ ਲਾਭਪਾਤਰੀ, ਜਨਮ ਸਰਟੀਫਿਕੇਟ ਵਿੱਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਸ਼ਾਦੀ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਦਸਤਾਵੇਜ਼ਾਂ ਦੀਆਂ ਤਸਦੀਕ ਸ਼ੁਦਾ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਆਮ ਜਾਤੀ ਸਰਟੀਫਿਕੇਟ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐਨ.ਆਰ.ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ਵਿੱਚ ਤਬਦੀਲੀ ਆਦਿ ਸ਼ਾਮਲ ਹਨ।
ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਇਆ ਜਾਵੇ।




