7 ਮਈ ਤੋਂ ਸ਼ੁਰੂ ਹੋਵੇਗੀ ਨਾਮਜ਼ਦਗੀ ਅਤੇ 1 ਜੂਨ ਨੂੰ ਹੋਵੇਗਾ ਮਤਦਾਨ
ਇਸ਼ਤਿਹਾਰੀ ਬੋਰਡ ਤੇ ਹੋਰਡਿੰਗ ਤੁਰੰਤ ਪ੍ਰਭਾਵ ਨਾਲ ਹਟਾਉਣ ਦੀ ਮੁਹਿੰਮ ਸ਼ੁਰੂ

ਮੋਗਾ, 16 ਮਾਰਚ (Charanjit Singh) – ਭਾਰਤ ਚੋਣ ਕਮਿਸ਼ਨ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ ਨਿਰਧਾਰਿਤ ਚੋਣ ਪ੍ਰੋਗਰਾਮ ਐਲਾਨੇ ਜਾਣ ਦੇ ਨਾਲ ਹੀ ਜ਼ਿਲ੍ਹਾ ਮੋਗਾ ਵਿੱਚ ਵੀ ਅੱਜ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਵਾਸਤੇ ਜ਼ਿਲ੍ਹੇ ਵਿੱਚ 4 ਵਿਧਾਨ ਸਭਾ ਹਲਕਿਆਂ ਵਾਸਤੇ ਸੈਕਟਰ ਅਫ਼ਸਰ, ਸਟੈਟਿਕ ਸਰਵੇਲੈਂਸ ਟੀਮਾਂ ਅਤੇ ਫ਼ਲਾਇੰਗ ਸਕੁਐਡ ਅਤੇ ਹੋਰ ਟੀਮਾਂ ਨੂੰ ਕਾਰਜਸ਼ੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚੋਣ ਅਮਲ ਨੂੰ ਨਿਰਪੱਖ ਅਤੇ ਨਿਰ-ਭੈਅ ਬਣਾਉਣ ਅਤੇ ਵੋਟਰਾਂ ਨੂੰ ਧਮਕਾਉਣ/ਪ੍ਰਭਾਵਿਤ ਕਰਨ ਦੇ ਹਰ ਤਰ੍ਹਾਂ ਦੇ ਗੈਰ-ਕਾਨੂੰਨੀ ਤੌਰ-ਤਰੀਕੇ ਅਪਨਾਉਣ ਵਾਲਿਆਂ ਨਾਲ ਸਖ਼ਤੀ ਨਾਲ ਨਿਪਟਣ ਦੇ ਨਿਰਦੇਸ਼ ਦਿੱਤੇ ਗਏ ਹਨ।
ਚੋਣ ਪ੍ਰੋਗਰਾਮ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ 7 ਮਈ ਤੋਂ 14 ਮਈ, 2024 ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 15 ਮਈ ਨੂੰ ਅਤੇ ਵਾਪਸੀ 17 ਮਈ ਤੱਕ ਹੋ ਸਕੇਗੀ। ਮਤਦਾਨ 1 ਜੂਨ 2024 ਨੂੰ ਹੋਵੇਗਾ ਅਤੇ ਗਿਣਤੀ 4 ਜੂਨ, 2024 ਨੂੰ ਹੋਵੇਗੀ।
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮ ਅਨੁਸਾਰ ਵੱਖ-ਵੱਖ ਸਿਆਸੀ ਪ੍ਰਚਾਰ ਲਈ ਲਗਾਏ ਹੋਰਡਿੰਗ, ਬੈਨਰ, ਪੋਸਟਰ ਆਦਿ ਤੁਰੰਤ ਹਟਾਏ ਜਾਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸ ਲਈ ਨੋਡਲ ਅਧਿਕਾਰੀ ਅਤੇ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਹਨ।
ਸ੍ਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਕੁੱਲ 757447 ਵੋਟਰ ਦਰਜ ਕੀਤੇ ਗਏ ਹਨ। ਇਹਨਾਂ ਵਿੱਚ 403377 ਮਰਦ ਅਤੇ 354033 ਔਰਤ ਵੋਟਰ ਸ਼ਾਮਿਲ ਹਨ। ਸਰਵਿਸ ਵੋਟਰਾਂ ਦੀ ਗਿਣਤੀ 2637 ਅਤੇ ਤੀਜੇ ਲਿੰਗ ਵਾਲੇ 37 ਵੋਟਰ ਹਨ। ਇਸ ਵਾਰ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਹੈ।
ਜ਼ਿਲ੍ਹਾ ਚੋਣ ਅਫ਼ਸਰ ਅਨੁਸਾਰ ‘ਪੇਡ ਨਿਊਜ਼’ ਅਤੇ ਹੋਰ ਆਨਲਾਈਨ ਇਸ਼ਤਿਹਾਰਾਂ ’ਤੇ ਨਜ਼ਰ ਰੱਖਣ ਵਾਸਤੇ ਮੀਡੀਆ ਮੋਨੀਟਰਿੰਗ ਅਤੇ ਸਰਟੀਫ਼ਿਕੇਸ਼ਨ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਜਾਂ ਸੋਸ਼ਲ ਮੀਡੀਆ ’ਤੇ ਕੋਈ ਵੀ ਇਸ਼ਤਿਹਾਰ ਦੇਣ ਤੋਂ ਪਹਿਲਾਂ ਉਮੀਦਵਾਰ ਨੂੰ ਕਮੇਟੀ ਤੋਂ ਸਰਟੀਫ਼ਾਈ ਕਰਵਾਉਣਾ ਪਵੇਗਾ। ਇਸ ਤੋਂ ਬਾਅਦ ਉਹਨਾਂ ਸਮੂਹ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਅਤੇ ਅਗਾਮੀ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ਤਾ ਨਾਲ ਕਰਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ।





