ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਨਿਧਾਂਵਾਲਾ ਵਿੱਚ ਨਸ਼ਿਆਂ ਪ੍ਰਤੀ ਜਾਗਰੂਕ ਕਰਦਾ ਸੈਮੀਨਾਰ ਕੀਤਾ ਆਯੋਜਿਤ
ਨਸ਼ੇ ਦੇ ਸੈਲਾਬ ਨੂੰ ਰੋਕਣ ਲਈ ਸਾਰੇ ਮਿਲਕੇ ਯਤਨ ਕਰਨ-ਦਵਿੰਦਰ ਸਿੰਘ ਲੋਟੇ

ਮੋਗਾ, 10 ਦਸੰਬਰ:-ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਮੋਗਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਅੱਜ ਪਿੰਡ ਨਿਧਾਂਵਾਲਾ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ ਰਾਹੀਂ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਨਸ਼ਾ ਕਰਨ ਵਾਲੇ ਆਪਣੇ ਭਵਿੱਖ ਦੇ ਨਾਲ ਨਾਲ ਆਪਣੇ ਪਰਿਵਾਰ ਦੀ ਭਵਿੱਖ ਵੀ ਖਰਾਬ ਕਰਦੇ ਹਨ, ਨਸ਼ੇ ਦੇ ਨਾਲ ਸਮਾਜ ਵਿੱਚ ਹੋਰ ਵੀ ਬਹੁਤ ਸਾਰੇ ਜੁਰਮ ਵਧ ਰਹੇ ਹਨ, ਇਸ ਲਈ ਨਸ਼ੇ ਦੇ ਸੈਲਾਬ ਨੂੰ ਰੋਕਣ ਲਈ ਸਭ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
ਇਸ ਸੈਮੀਨਾਰ ਵਿੱਚ ਅੰਮ੍ਰਿਤਪਾਲ ਸਿੰਘ, ਕਲੱਸਟਰ ਪ੍ਰੋਗਰਾਮ ਮੈਨੇਜਰ, ਦਿਸ਼ਾ ਕਲੱਸਟਰ ਫਿਰੋਜ਼ਪੁਰ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਨੇ ਵੀ ਆਪਣੇ ਭਾਸ਼ਣ ਦੌਰਾਨ ਦੱਸਿਆ ਕਿ ਨਸ਼ੇ ਕਰਨ ਵਾਲਿਆਂ ਦੀ ਉਮਰ ਬਹੁਤ ਥੋੜੀ ਹੁੰਦੀ ਹੈ। ਨਸ਼ੇ ਕਰਨ ਵਾਲਾ ਨੌਜਵਾਨ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਦੀ ਜਕੜ ਵਿੱਚ ਆ ਜਾਂਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਜੋ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਨਸ਼ਾ ਛੁਡਾਉ ਕੇਂਦਰਾਂ ਵਿੱਚ ਜਾ ਕੇ ਨਸ਼ਾ ਛੁਡਵਾ ਸਕਦੇ ਹਨ।
ਸੈਮੀਨਾਰ ਦੇ ਅੰਤ ਵਿੱਚ ਨਸ਼ਿਆਂ ਦੇ ਮਾਰੂ ਅਸਰ ਦਿਖਾਉਂਦਾ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ।ਅੰਤ ਵਿੱਚ ਜਗਜੀਤ ਸਿੰਘ ਪ੍ਰਧਾਨ ਯੁਵਕ ਸੇਵਾਵਾਂ ਕਲੱਬ, ਨਿਧਾਂਵਾਲਾ ਵੱਲੋਂ ਆਏ ਹੋਏ ਯੁਵਕ ਸੇਵਾਵਾਂ ਵਿਭਾਗ ਦੀ ਸਾਰੀ ਟੀਮ ਅਤੇ ਪਿੰਡ ਦੇ ਸਰਪੰਚ ਹਰਮਨ ਸਿੰਘ, ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਹੋਰ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਗਿਆ। ਇਸ ਸੈਮੀਨਾਰ ਵਿੱਚ ਜਗਜੀਤ ਸਿੰਘ ਅਤੇ ਅਰਸ਼ਦੀਪ ਸਿੰਘ ਨੇ ਪੂਰਾ ਯੋਗਦਾਨ ਦਿੱਤਾ। ਇਸ ਦੌਰਾਨ ਦਸਮੇਸ਼ ਯੂਥ ਕਲੱਬ ਦੇ ਮੈਂਬਰ ਵੀ ਹਾਜ਼ਰ ਸਨ।





