ਅਪਰਾਧਸਿੱਖਿਆਖੇਡਤਾਜਾ ਖਬਰਾਂਤਾਜ਼ਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਡਿਪਟੀ ਕਮਿਸ਼ਨਰ ਨੇ ਸਮੂਹ ਕੰਬਾਇਨ ਮਾਲਕਾਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ
ਬਿੰਨ੍ਹਾਂ ਐਸ.ਐਮ.ਐਸ. ਤੋਂ ਮਸ਼ੀਨ ਚਲਾਉਣ ਦੇ ਆਦੇਸ਼ਾਂ ਦੀ ਕੀਤੀ ਜਾਵੇ ਇੰਨ ਬਿੰਨ ਪਾਲਣਾ-ਡਿਪਟੀ ਕਮਿਸ਼ਨਰ

ਮੋਗਾ 29 ਸਤੰਬਰ:(Charanjit Singh)
ਅੱਜ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸੰਦੀਪ ਹੰਸ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨ੍ਹਾਂ ਖੇਤਾਂ ਵਿੱਚ ਗਾਲਣ ਬਾਰੇ ਜ਼ਿਲ੍ਹਾ ਮੋਗਾ ਦੇ ਸਮੂਹ ਕੰਬਾਇਨ ਮਾਲਕਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਹਰਚਰਨ ਸਿੰਘ, ਸਹਾਇਕ ਕਮਿਸ਼ਨਰ (ਜ਼) ਗੁਰਬੀਰ ਸਿੰਘ ਕੋਹਲੀ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਸ੍ਰੀਮਤੀ ਚਾਰੂ ਮਿਤਰਾ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸ੍ਰੀ ਰਾਜਪਾਲ ਸਿੰਘ, ਡੀ.ਆਰ. ਕੋਆਪ੍ਰੇਟਿਵ ਸੋਸਾਇਟੀਜ਼ ਕੁਲਦੀਪ ਕੁਮਾਰ, ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਅਤੇ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਤੋਂ ਇਲਾਵਾ ਕਿਸਾਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਤੇ ਮਾਰੂ ਪ੍ਰਭਾਵ ਪੈ ਰਹੇ ਹਨ, ਇਸ ਲਈ ਐਸ.ਐਮ.ਐਸ. ਤੋ ਬਿਨ੍ਹਾਂ ਕਿਸੇ ਵੀ ਕੰਬਾਇਨ ਨੂੰ ਚੱਲਣ ਦੀ ਇਜਾਜਤ ਨਹੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਸਬ ਡਵੀਜ਼ਨ ਵਿੱਚ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਨਾਲ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਯੋਗਦਾਨ ਪਾਉਣ ਤਾਂ ਂਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2021 ਦੀ ਝੋਨੇ ਦੀ ਕਟਾਈ ਦਾ ਸੀਜ਼ਨ ਸੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 10.00 ਵਜੇ ਤੋਂ ਪਹਿਲਾਂ ਅਤੇ ਸ਼ਾਮ 7.00 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਨ ਅਤੇ ਦੇਰ ਰਾਤ ਫਸਲ ਦੀ ਕਟਾਈ ਕਰਨ ਕਾਰਨ ਨੁਕਸਾਨ ਹੋਣੇ ਸੁਰੂ ਹੋ ਜਾਂਦੇ ਹਨ ਅਤੇ ਅਜਿਹੇ ਝੋਨੇ ਨੂੰ ਜ਼ਿਮੀਦਾਰਾਂ ਵੱਲੋਂ ਮੰਡੀਆਂ ਵਿੱਚ ਲਿਆਉਣ ਤੇ ਨਿਰਧਾਰਤ ਮਾਪਦੰਡਾਂ ਮੁਤਾਬਕ ਨਾ ਹੋਣ ਕਰਕੇ ਖਰੀਦ ਏਜੰਸੀਆਂ ਅਜਿਹੀ ਫਸਲ ਨੂੰ ਖਰੀਦਣ ਤੋਂ ਸੰਕੋਚ ਕਰਦੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਜਿਲ੍ਹਾ ਮੋਗਾ ਦੀ ਹਦੂਦ ਅੰਦਰ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਵੀ ਲਗਾਈ ਗਈ ਹੈ ਜਿਸਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।



