ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ

ਮੋਗਾ, 23 ਅਗਸਤ, ( ਚਰਨਜੀਤ ਸਿੰਘ )
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਚੰਡੀਗੜ੍ਹ ਦੇ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਦੇ ਧਿਆਨ ਵਿੱਚ ਲਿਆਂਦਾ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਹੋਰ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਉਹ ਇਨ੍ਹਾਂ ਸਕੀਮਾਂ ਅਤੇ ਸਹੁਲਤਾਂ ਦਾ ਪੂਰਾ ਲਾਭ ਲੈ ਸਕਣ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਇਹ ਵੀ ਦਰਸਾਇਆ ਕਿ ਕਈ ਅਨੁਸੂਚਿਤ ਜਾਤੀਆਂ ਦੇ ਪਰਿਵਾਰ ਨੂੰ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਦੇ ਨਿਵਾਰਣ ਲਈ ਸਰਕਾਰੀ ਪੱਧਰ ’ਤੇ ਖ਼ਾਸ ਧਿਆਨ ਦੇਣ ਦੀ ਲੋੜ ਹੈ। ਮੁੱਖ ਸਕੱਤਰ ਨੇ ਪੂਰਾ ਭਰੋਸਾ ਦਿੱਤਾ ਕਿ ਅਨੁਸੂਚਿਤ ਜਾਤੀਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਗੰਭੀਰਤਾ ਨਾਲ ਨਿਵਾਰਣ ਕੀਤਾ ਜਾਵੇਗਾ ਅਤੇ ਜ਼ਮੀਨੀ ਪੱਧਰ ਤੱਕ ਉਨ੍ਹਾਂ ਨੂੰ ਸਰਕਾਰੀ ਯੋਜਨਾਵਾਂ ਦਾ ਪੂਰਾ ਲਾਭ ਪਹੁੰਚਾਇਆ ਜਾਵੇਗਾ।
ਤਸਵੀਰ- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਦੇ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨਾਲ ਮੁਲਾਕਾਤ ਕਰਦੇ ਹੋਏ।




