( ਚਰਨਜੀਤ ਸਿੰਘ)
-: ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਿੱਚ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਇੱਕ ਅਨੁਸ਼ਾਸਿਤ ਜਥੇਬੰਦੀ ਹੈ ਅਤੇ ਹਰ ਅਹੁਦੇਦਾਰ ਤੇ ਵਰਕਰ ਲਈ ਪਾਰਟੀ ਦੇ ਅਨੁਸ਼ਾਸਨ ਦੀ ਪਾਲਣਾ ਕਰਨੀ ਜ਼ਰੂਰੀ ਹੈ।
ਮੱਖਣ ਬਰਾੜ ਨੇ ਸਮੂਹ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸਰਕਲ ਵਿੱਚ ਕੋਈ ਵਰਕਰ ਜਾਂ ਅਹੁਦੇਦਾਰ ਪਾਰਟੀ ਵਿਰੋਧੀ ਗਤੀਵਿਧੀਆਂ ਕਰਦਾ ਹੈ ਜਾਂ ਪਾਰਟੀ ਅਨੁਸ਼ਾਸਨ ਭੰਗ ਕਰਦਾ ਹੈ ਤਾਂ ਉਸ ਸਬੰਧੀ ਲਿਖਤੀ ਰਿਪੋਰਟ ਜ਼ਿਲ੍ਹਾ ਪ੍ਰਧਾਨ ਨੂੰ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਬੰਧਤ ਵਿਅਕਤੀ ਨੂੰ ਸਮਝਾਉਣ ਦੇ ਬਾਵਜੂਦ ਵੀ ਉਸ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਜਾਰੀ ਰਹਿੰਦੀਆਂ ਹਨ ਤਾਂ ਜ਼ਿਲ੍ਹਾ ਪ੍ਰਧਾਨ ਵੱਲੋਂ ਜਥੇਬੰਦੀ ਨਾਲ ਸਲਾਹ-ਮਸ਼ਵਰਾ ਕਰਕੇ ਪਾਰਟੀ ਦੇ ਨਿਯਮਾਂ ਅਨੁਸਾਰ ਉਸ ਨੂੰ ਪਾਰਟੀ ਤੋਂ ਚੱਲਦਾ ਕੀਤਾ ਜਾਵੇਗਾ ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਸਰਕਲ ਪ੍ਰਧਾਨਾਂ ਵੱਲੋਂ ਵੀ ਸਹਿਮਤੀ ਪ੍ਰਗਟਾਈ ਗਈ ਹੈ। ਮੱਖਣ ਬਰਾੜ ਨੇ ਕਿਹਾ ਕਿ ਸਮੁੱਚੀ ਜਥੇਬੰਦੀ ਨੂੰ ਇੱਕਜੁੱਟ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਾ ਹੈ। ਉਨ੍ਹਾਂ ਕਿਹਾ ਕਿ ਕੁਝ ਵਿਅਕਤੀਆਂ ਵੱਲੋਂ ਬਾਹਰੀ ਪ੍ਰਭਾਵਾਂ ਅਧੀਨ ਬਿਆਨਬਾਜ਼ੀ ਕਰਨ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ, ਇਸ ਲਈ ਪਾਰਟੀ ਅਨੁਸ਼ਾਸਨ ਨੂੰ ਕਾਇਮ ਰੱਖਣਾ ਹੋਰ ਵੀ ਜ਼ਰੂਰੀ ਹੈ।
ਮੱਖਣ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਹਿੱਤਾਂ ਲਈ ਆਪਣੀ ਲੜਾਈ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਰੋਜ਼ਾਨਾ ਵਾਪਰ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਸਮੁੱਚੀ ਅਕਾਲੀ ਜਥੇਬੰਦੀ ਨੂੰ ਇਕੱਠੇ ਹੋ ਕੇ ਮਜ਼ਬੂਤੀ ਨਾਲ ਲੋਕਾਂ ਦੀ ਆਵਾਜ਼ ਬਣਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਅਤੇ ਸ. ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਅਨੁਸ਼ਾਸਨ, ਏਕਤਾ ਅਤੇ ਸਾਂਝੀ ਲੜਾਈ ਹੀ ਅਹਿਮ ਆਧਾਰ ਹਨ।

