ਮੋਗਾ, 12 ਅਕਤੂਬਰ: ( ਚਰਨਜੀਤ ਸਿੰਘ )
ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜ਼ਰਵਰ ਅਤੇ ਸਕੱਤਰ, ਸਹਿਕਾਰਤਾ ਵਿਭਾਗ, ਪੰਜਾਬ, ਸ੍ਰੀਮਤੀ ਰਿਤੂ ਅਗਰਵਾਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਤੀਜਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੀ ਪ੍ਰਗਤੀ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਸਬੰਧੀ ਪ੍ਰਬੰਧਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਜਸਪਿੰਦਰ ਸਿੰਘ, ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ, ਚੋਣ ਤਹਿਸੀਲਦਾਰ ਸ੍ਰੀ ਬਰਜਿੰਦਰ ਸਿੰਘ ਅਤੇ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਦੌਰੇ ਦੌਰਾਨ ਸ੍ਰੀਮਤੀ ਰਿਤੂ ਅਗਰਵਾਲ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਿਤ ਵੋਟਰ ਸੂਚੀਆਂ ਮੁਹੱਈਆ ਕਰਵਾਉਣ, ਵੋਟਰ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਪ੍ਰਾਪਤ ਸ਼ਿਕਾਇਤਾਂ ਦੀ ਜਾਂਚ ਅਤੇ ਨਿਪਟਾਰੇ, ਫਾਰਮੈਟ 1 ਤੋਂ 8 ਤੱਕ ਅੰਕੜਿਆਂ ਦੇ ਵਿਸ਼ਲੇਸ਼ਣ, ਪੋਲਿੰਗ ਸਟੇਸ਼ਨਾਂ ਅਤੇ ਸਬੰਧਤ ਚੋਣ ਦਫ਼ਤਰਾਂ ਵਿੱਚ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਸਮੇਤ ਹੋਰ ਅਹਿਮ ਪਹਿਲੂਆਂ ਦੀ ਜਾਂਚ ਕੀਤੀ। ਇਸ ਤੋਂ ਇਲਾਵਾ ਵੈੱਬਸਾਈਟ ’ਤੇ ਵੋਟਰ ਸੂਚੀਆਂ ਦੀ ਉਪਲਬਧਤਾ, ਨਵੇਂ ਦਰਜ ਹੋਏ ਵੋਟਰਾਂ ਦੇ ਐਪਿਕ ਕਾਰਡਾਂ ਦੀ ਛਪਾਈ ਅਤੇ ਉਨ੍ਹਾਂ ਦੀ ਡਿਲਿਵਰੀ ਸਬੰਧੀ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।
ਸਮੀਖਿਆ ਦੌਰਾਨ ਜ਼ਿਲ੍ਹਾ ਮੋਗਾ ਵਿੱਚ ਵਿਸ਼ੇਸ਼ ਗਹਿਰੀ ਸੁਧਾਈ ਨਾਲ ਸਬੰਧਤ ਕੰਮ ਤਸੱਲੀਬਖ਼ਸ਼ ਪਾਇਆ ਗਿਆ। ਯੋਗਤਾ ਮਿਤੀ 1 ਅਕਤੂਬਰ, 2026 ਦੇ ਆਧਾਰ ’ਤੇ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ।ਅੰਤਿਮ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਦੀ ਕੁੱਲ ਗਿਣਤੀ 7,29,413 ਹੋ ਗਈ ਹੈ। ਇਨ੍ਹਾਂ ਵਿੱਚ 3,83,697 ਪੁਰਸ਼, 3,45,694 ਇਸਤਰੀਆਂ ਅਤੇ 22 ਹੋਰ ਸ਼੍ਰੇਣੀ ਦੇ ਵੋਟਰ ਸ਼ਾਮਲ ਹਨ।
ਇਸੇ ਦੌਰਾਨ, ਹਰੇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ 1,200 ਵੋਟਰਾਂ ਦੀ ਹੱਦ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹੇ ਵਿੱਚ ਪੋਲਿੰਗ ਸਟੇਸ਼ਨਾਂ ਦੀ ਗਿਣਤੀ 804 ਤੋਂ ਵਧਾ ਕੇ 834 ਕਰ ਦਿੱਤੀ ਗਈ ਹੈ। ਇਸ ਨਾਲ ਵੋਟਰਾਂ ਦੀ ਸਹੂਲਤ ਲਈ ਚੋਣ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਵਿੱਚ ਮਦਦ ਮਿਲੇਗੀ।
ਫੋਟੋ ਕੈਪਸ਼ਨ- ਵਿਸ਼ੇਸ਼ ਗਹਿਰੀ ਸੁਧਾਈ-2026 ਦੌਰਾਨ ਰੋਲ ਆਬਜ਼ਰਵਰ ਰਿਤੂ ਅਗਰਵਾਲ ਚੋਣ ਪ੍ਰਕਿਰਿਆ ਦਾ ਜਾਇਜ਼ਾ ਲੈਣ ਸਮੇਂ, ਨਾਲ ਡਿਪਟੀ ਕਮਿਸ਼ਨਰ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ

