ਮੋਗਾ, 16 ਅਕਤੂਬਰ: ( ਚਰਨਜੀਤ ਸਿੰਘ )
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ, ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੀ ਉੱਚ ਪੱਧਰੀ ਤਕਨੀਕੀ ਟੀਮ ਵੱਲੋਂ ਅੱਜ ਜ਼ਿਲ੍ਹਾ ਮੋਗਾ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਟੀਮ ਵਿੱਚ ਕਮਿਸ਼ਨ ਦੇ ਤਕਨੀਕੀ ਮੈਂਬਰ ਡਾ. ਟੀ.ਐੱਸ. ਪੰਵਾਰ ਅਤੇ ਵਿਗਿਆਨੀ-ਸੀ ਡਾ. ਧਨੰਜੇ ਕੁਮਾਰ ਸ਼ਾਮਲ ਸਨ। ਇਸ ਦੌਰਾਨ ਟੀਮ ਨੇ ਜ਼ਿਲ੍ਹੇ ਦੇ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਲੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਸਿੱਧਾ ਸੰਵਾਦ ਕੀਤਾ।
ਦੌਰੇ ਦੌਰਾਨ ਟੀਮ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ ਅਤੇ ਹਵਾ ਦੀ ਗੁਣਵੱਤਾ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਫ਼ਸਲੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਨੂੰ ਅਪਣਾਉਣ ਦੀ ਅਪੀਲ ਕੀਤੀ। ਟੀਮ ਨੇ ਦੱਸਿਆ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ ਡਰੋਨਾਂ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਵਾ ਦੀ ਗੁਣਵੱਤਾ ’ਤੇ ਨਜ਼ਰ ਰੱਖਣ ਲਈ ਸੈਂਸਰ ਵੀ ਲਗਾਏ ਗਏ ਹਨ। ਕਿਸਾਨਾਂ ਨੇ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਜਾਗਰੂਕਤਾ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਸੁਚੱਜੇ ਪ੍ਰਬੰਧਨ ਨੂੰ ਤਰਜੀਹ ਦੇਣਗੇ।
ਇਸ ਉਪਰੰਤ ਟੀਮ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪਰਾਲੀ ਪ੍ਰਬੰਧਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ, ਸੀਨੀਅਰ ਕਪਤਾਨ ਪੁਲਿਸ ਸ੍ਰੀ ਸਰਤਾਜ ਸਿੰਘ ਚਾਹਲ ਸਮੇਤ ਹੋਰ ਸਬੰਧਤ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ, ਕਿਸਾਨਾਂ ਨੂੰ ਮਸ਼ੀਨਰੀ ਦੀ ਵਰਤੋਂ ਲਈ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਨਿਗਰਾਨੀ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕਰਦਿਆਂ ਜ਼ੀਰੋ ਤੱਕ ਲਿਆਉਣ ਲਈ ਪੂਰੀ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਮੰਗ ਅਨੁਸਾਰ ਇਸ ਸਾਲ ਸਬਸਿਡੀ ’ਤੇ 1,214 ਆਧੁਨਿਕ ਖੇਤੀਬਾੜੀ ਮਸ਼ੀਨਾਂ ਕਿਸਾਨਾਂ ਅਤੇ ਸਹਿਕਾਰੀ ਸਭਾਵਾਂ ਨੂੰ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਫ਼ਸਲੀ ਰਹਿੰਦ-ਖੂੰਹਦ ਦੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਲਈ ਸਹਾਈ ਹੋ ਰਹੀਆਂ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਨਿੱਜੀ ਕਿਸਾਨਾਂ, ਕਸਟਮ ਹਾਇਰਿੰਗ ਸੈਂਟਰਾਂ (CHCs), ਸਹਿਕਾਰੀ ਸਭਾਵਾਂ ਅਤੇ ਗ੍ਰਾਮ ਪੰਚਾਇਤਾਂ ਆਦਿ ਨੂੰ ਕੁੱਲ 4,480 ਵਾਤਾਵਰਣ ਪੱਖੀ ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ, ਜ਼ਿਲ੍ਹੇ ਵਿੱਚ ਉਪਲਬਧ 110 ਬੇਲਰਾਂ ਰਾਹੀਂ ਹਰ ਸਾਲ ਲਗਭਗ 3.10 ਲੱਖ ਮੀਟ੍ਰਿਕ ਟਨ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮਸ਼ੀਨਰੀ ਦੀ ਉਪਲਬਧਤਾ, ਕਿਸਾਨਾਂ ਨੂੰ ਲਗਾਤਾਰ ਜਾਗਰੂਕ ਕਰਨ ਅਤੇ ਵੱਖ-ਵੱਖ ਵਿਭਾਗਾਂ ਦੇ ਸਾਂਝੇ ਯਤਨਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਲਿਆਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਮੋਗਾ ਵਿੱਚ ਪਰਾਲੀ ਸਾੜਨ ਦੀਆਂ ਦਰਜ ਘਟਨਾਵਾਂ ਸਾਲ 2024 ਵਿੱਚ 691 ਤੋਂ ਘਟ ਕੇ ਸਾਲ 2025 ਵਿੱਚ 332 ਰਹਿ ਗਈਆਂ ਸਨ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਨ੍ਹਾਂ ਘਟਨਾਵਾਂ ਵਿੱਚ ਹੋਰ ਕਮੀ ਲਿਆਉਣ ਲਈ ਨਿਗਰਾਨੀ, ਜਾਗਰੂਕਤਾ ਅਤੇ ਪਰਾਲੀ ਪ੍ਰਬੰਧਨ ਦੇ ਉਪਰਾਲਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ।
ਇਸ ਦੌਰੇ ਦਾ ਮੁੱਖ ਉਦੇਸ਼ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ, ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਅਤੇ ਹਵਾ ਦੀ ਗੁਣਵੱਤਾ ਵਿੱਚ ਸੁਧਾਰ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਬੰਧਤ ਵਿਭਾਗਾਂ ਦੇ ਯਤਨਾਂ ਵਿੱਚ ਹੋਰ ਤਾਲਮੇਲ ਯਕੀਨੀ ਬਣਾਉਣਾ ਸੀ।
ਫੋਟੋ ਕੈਪਸ਼ਨ- 1-2ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਮੋਗਾ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਾਲੇ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਨ ਮੌਕੇ
ਫੋਟੋ ਕੈਪਸ਼ਨ-3-4 ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ ਦੀ ਉੱਚ ਪੱਧਰੀ ਟੀਮ ਮੋਗਾ ਪਰਾਲੀ ਸਾੜਨ ਦੀਆਂ ਘਟਨਾਵਾਂ ਸਬੰਧੀ ਮੀਟਿੰਗ ਦੌਰਾਨ।


