ਅਪਰਾਧਸਿੱਖਿਆਖੇਡਤਾਜ਼ਾ ਖਬਰਾਂਤਾਜਾ ਖਬਰਾਂਦੇਸ਼ਮਨੋਰੰਜਨਰਾਜਰਾਜਨੀਤੀਵਪਾਰ
ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਦੇਣ ਲਈ ‘ਮਿਸ਼ਨ ਮੋਡ’ ਉੱਤੇ ਕੰਮ ਕਰੇਗਾ ਜ਼ਿਲ੍ਹਾ ਪ੍ਰਸ਼ਾਸ਼ਨ
ਹਰੇਕ ਵਿਧਾਨ ਸਭਾ ਹਲਕੇ ਵਿੱਚ 21 ਅਤੇ 28 ਅਕਤੂਬਰ ਨੂੰ ਲੱਗਣਗੇ ਵਿਸ਼ੇਸ਼ ਸੁਵਿਧਾ ਕੈਂਪ - ਡਿਪਟੀ ਕਮਿਸ਼ਨਰ

ਮੋਗਾ, 16 ਅਕਤੂਬਰ (Charanjit Singh) ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪਹਿਲ ਦੇ ਅਧਾਰ ਉੱਤੇ ਮੁਹਈਆ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ‘ਮਿਸ਼ਨ ਮੋਡ’ ਉੱਤੇ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਸੇ ਕਵਾਇਦ ਤਹਿਤ ਹੀ ਲੋਕਾਂ ਵੱਲੋਂ ਦਿੱਤੀਆਂ ਗਈਆਂ ਵੱਖ ਵੱਖ ਅਰਜ਼ੀਆਂ ਨੂੰ ਨਿਪਟਾਉਣ ਲਈ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਇਕ ਅਹਿਮ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਦੀ ਅਗਵਾਈ ਵਿੱਚ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਵਿੱਚ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੇ ਭਾਗ ਲਿਆ।
ਸ਼੍ਰੀ ਹਰੀਸ਼ ਨਈਅਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਦੀ ਸੇਵਾ ਵਿਚ ਹਰ ਵੇਲੇ ਹਾਜ਼ਰ ਰਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਵੱਖ ਵੱਖ ਦਫ਼ਤਰਾਂ ਵਿੱਚ ਸਰਕਾਰੀ ਸੇਵਾਵਾਂ ਲੈਣ ਲਈ ਵੱਡੀ ਗਿਣਤੀ ਵਿਚ ਅਰਜ਼ੀਆਂ ਬਕਾਇਆ ਪਈਆਂ ਹਨ, ਜਿਸ ਨਾਲ ਲੋਕਾਂ ਵਿੱਚ ਕਾਫੀ ਨਿਰਾਸ਼ਾ ਪੈਦਾ ਹੁੰਦੀ ਹੈ। ਲੋਕਾਂ ਦੀ ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਹੁਣ ਪ੍ਰਸ਼ਾਸ਼ਨ ਨੇ ਮਿਸ਼ਨ ਮੋਡ ਵਿੱਚ ਕੰਮ ਕਰਨ ਦਾ ਫੈਸਲਾ ਕੀਤਾ ਹੈ। ਇਹਨਾਂ ਅਰਜ਼ੀਆਂ ਨੂੰ ਤੁਰੰਤ ਨਿਪਟਾਇਆ ਜਾਵੇਗਾ।
ਉਹਨਾਂ ਕਿਹਾ ਕਿ ਇਸ ਦਿਸ਼ਾ ਵਿਚ ਹਰੇਕ ਵਿਧਾਨ ਸਭਾ ਹਲਕੇ ਵਿੱਚ 21 ਅਤੇ 28 ਅਕਤੂਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿੱਚ ਬਕਾਇਆ ਪਈਆਂ ਅਤੇ ਨਵੀਆਂ ਅਰਜ਼ੀਆਂ ਦਾ ਨਿਪਟਾਰਾ ਪਹਿਲ ਦੇ ਅਧਾਰ ਉੱਤੇ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਕੈਂਪਾਂ ਵਿੱਚ ਕੋਵਿਡ 19 ਬਾਰੇ ਸੈਂਪਲਿੰਗ ਅਤੇ ਵੈਕਸੀਨੇਸ਼ਨ ਵੀ ਕੀਤੀ ਜਾਵੇਗੀ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਹਨਾਂ ਕੈਂਪਾਂ ਨੂੰ ਸਫ਼ਲ ਕਰਨ ਲਈ ਉਹ ਖੁਦ ਇਸ ਕੰਮ ਦੀ ਨਿਗਰਾਨੀ ਕਰਨਗੇ। ਕੈਂਪ ਲਗਾਉਣ ਸਬੰਧੀ ਜਗ੍ਹਾ ਅਤੇ ਬਾਕੀ ਜਾਣਕਾਰੀ ਬਾਅਦ ਵਿਚ ਜਾਰੀ ਕੀਤੀ ਜਾਵੇਗੀ।
ਝੋਨੇ ਦੀ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਵਿੱਚ ਹੋ ਰਹੀ ਤੇਜ਼ੀ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੀ ਨਈਅਰ ਨੇ ਕਿਹਾ ਕਿ ਇਸ ਸਬੰਧੀ ਪਿੰਡ ਪੱਧਰ ਉੱਤੇ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਨਾਲ ਕਲੱਸਟਰ ਮੁਖੀ ਲਗਾ ਦਿੱਤੇ ਗਏ ਹਨ। ਪਰਾਲੀ ਸਾੜਨ ਦੀ ਪਿਰਤ ਨੂੰ ਤੋੜਨ ਲਈ ਹਰ ਹੀਲਾ ਵਰਤਿਆ ਜਾਵੇਗਾ। ਉਹਨਾਂ ਸਪੱਸ਼ਟ ਕੀਤਾ ਕਿ ਜੋ ਵੀ ਅਧਿਕਾਰੀ ਜਾਂ ਕਰਮਚਾਰੀ ਆਪਣੀ ਡਿਊਟੀ ਤਨਦੇਹੀ ਨਾਲ ਨਹੀਂ ਕਰਦਾ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰੀ ਸੇਵਾਵਾਂ ਵਿਚ ਢਿੱਲਮੱਠ ਲਈ ਜ਼ਿਲ੍ਹਾ ਪੱਧਰੀ ਅਧਿਕਾਰੀ ਜਿੰਮੇਵਾਰ ਠਹਿਰਾਇਆ ਜਾਵੇਗਾ।




