ਮੋਗਾ, 28 ਅਕਤੂਬਰ: ( ਚਰਨਜੀਤ ਸਿੰਘ )
ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ, ਖੋਜ ਪ੍ਰਤੀ ਰੁਚੀ ਅਤੇ ਨਵੀਆਂ ਕਾਢਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਵ ਪ੍ਰਸਿੱਧ ਵਿਗਿਆਨੀ ਡਾ. ਨਰਿੰਦਰ ਸਿੰਘ ਕਪਾਨੀ ਦੇ ਜਨਮ ਦਿਵਸ ਨੂੰ ਸਮਰਪਿਤ ਦੋ ਰੋਜ਼ਾ ਵਿਗਿਆਨਕ ਸਮਾਗਮ 30 ਅਤੇ 31 ਅਕਤੂਬਰ ਨੂੰ ਸੈਕਰਡ ਹਾਰਟ ਪ੍ਰਾਇਮਰੀ ਸਕੂਲ, ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਵਿਗਿਆਨ ਦੇ ਵੱਖ-ਵੱਖ ਖੇਤਰਾਂ, ਆਧੁਨਿਕ ਤਕਨੀਕਾਂ ਅਤੇ ਵਿਗਿਆਨਕ ਖੋਜਾਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਪਿੰਦਰ ਸਿੰਘ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਸਮਾਗਮ ਨੂੰ ਸੁਚੱਜੇ, ਪ੍ਰਭਾਵਸ਼ਾਲੀ ਅਤੇ ਵਿਦਿਆਰਥੀਆਂ ਲਈ ਗਿਆਨਵਰਧਕ ਬਣਾਉਣ ਵਾਸਤੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦਿੱਤਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਰਵਾਇਤੀ ਪੜ੍ਹਾਈ ਦੇ ਨਾਲ-ਨਾਲ ਵਿਗਿਆਨਕ ਤੱਥਾਂ ਨੂੰ ਸਮਝਣ, ਸਵਾਲ ਪੁੱਛਣ ਅਤੇ ਨਵੇਂ ਵਿਚਾਰਾਂ ਦੀ ਖੋਜ ਕਰਨ ਲਈ ਪ੍ਰੇਰਿਤ ਕਰਦੇ ਹਨ।
ਦੋ ਰੋਜ਼ਾ ਸਮਾਗਮ ਦੌਰਾਨ ਵਿਗਿਆਨ ਨਾਲ ਸਬੰਧਤ ਵੱਖ-ਵੱਖ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਇਸ ਤੋਂ ਇਲਾਵਾ ਵਿਸ਼ੇਸ਼ ਵਿਗਿਆਨਕ ਸੈਸ਼ਨਾਂ ਅਤੇ ਦਸਤਾਵੇਜ਼ੀ ਫ਼ਿਲਮਾਂ ਰਾਹੀਂ ਵਿਦਿਆਰਥੀਆਂ ਨੂੰ ਵਿਗਿਆਨ ਦੀਆਂ ਪ੍ਰਾਪਤੀਆਂ, ਖੋਜ ਕਾਰਜਾਂ ਅਤੇ ਤਕਨੀਕੀ ਵਿਕਾਸ ਬਾਰੇ ਜਾਣੂ ਕਰਵਾਇਆ ਜਾਵੇਗਾ। ਇਨ੍ਹਾਂ ਗਤੀਵਿਧੀਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਤਰਕਸ਼ੀਲ ਸੋਚ, ਨਵੀਨਤਾ ਅਤੇ ਸਮੱਸਿਆਵਾਂ ਦੇ ਵਿਗਿਆਨਕ ਹੱਲ ਲੱਭਣ ਦੀ ਯੋਗਤਾ ਵਿਕਸਿਤ ਕਰਨਾ ਹੈ।
ਉਹਨਾਂ ਕਿਹਾ ਕਿ ਡਾ. ਨਰਿੰਦਰ ਸਿੰਘ ਕਪਾਨੀ ਨੂੰ ਫਾਈਬਰ ਆਪਟਿਕਸ ਦੇ ਖੇਤਰ ਵਿੱਚ ਪਾਏ ਗਏ ਮੋਹਰੀ ਯੋਗਦਾਨ ਲਈ ਵਿਸ਼ਵ ਪੱਧਰ ‘ਤੇ ਜਾਣਿਆ ਜਾਂਦਾ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੀ ਯਾਦ ਵਿੱਚ ਕਰਵਾਇਆ ਜਾ ਰਿਹਾ ਇਹ ਸਮਾਗਮ ਵਿਦਿਆਰਥੀਆਂ ਨੂੰ ਵਿਗਿਆਨ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਭਵਿੱਖ ਵਿੱਚ ਖੋਜ ਤੇ ਨਵੀਨਤਾ ਨਾਲ ਜੁੜਨ ਲਈ ਪ੍ਰੇਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਫ਼ੋਟੋ -30 ਤੇ 31 ਅਕਤੂਬਰ ਨੂੰ ਡਾ. ਨਰਿੰਦਰ ਸਿੰਘ ਕਪਾਨੀ ਦੀ ਯਾਦ ਵਿੱਚ ਹੋਣ ਵਾਲਾ ਦੋ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰ ਜਸਪਿੰਦਰ ਸਿੰਘ।


